The Khalas Tv Blog Punjab ਸੁਖਬੀਰ ਸਿੰਘ ਬਾਦਲ ਬਾਰੇ ਪਾਰਟੀ ਨੇ ਫ਼ਿਲਹਾਲ ਨਹੀਂ ਲਿਆ ਕੋਈ ਫ਼ੈਸਲਾ
Punjab

ਸੁਖਬੀਰ ਸਿੰਘ ਬਾਦਲ ਬਾਰੇ ਪਾਰਟੀ ਨੇ ਫ਼ਿਲਹਾਲ ਨਹੀਂ ਲਿਆ ਕੋਈ ਫ਼ੈਸਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਤੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਸਬੰਧੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਕਈ ਮਤੇ ਪਾਸ ਕੀਤਾ ਗਏ ਹਨ।

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਚਾਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਬੰਦੀ ਸਿੰਘਾਂ ਦਾ ਮਸਲਾ ਵੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਤੇ ਹਲਕਾ ਪੱਧਰ ’ਤੇ ਬੈਠਕਾਂ ਕੀਤੀਆਂ ਜਾਣਗੀਆਂ ਤੇ ਬੈਠਕਾਂ ਤੋਂ ਬਾਅਦ ਹੀ ਕਿਸੇ ਵਿਸ਼ੇ ’ਤੇ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ਸੰਬੰਧੀ ਫ਼ਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸੇ ਇੱਕ ਦੀ ਪਾਰਟੀ ਨਹੀਂ ਹੈ ਇਹ ਸਮੁੱਚੇ ਪੰਜਾਬੀਆਂ ਦੀ ਪਾਰਟੀ ਹੈ ਅਤੇ ਲੋਕਤੰਤਰ ਪਾਰਟੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਪੰਜਾਬ ਲਈ ਕੁਰਬਾਨੀਆਂ ਕੀਤੀਆਂ ਹਨ ਅਤੇ ਅਸੀਂ ਪੰਜਾਬ ਅਤੇ ਪੰਜਾਬੀਅਤ ਲਈ ਹਮੇਸ਼ਾ ਲੜਦੇ ਰਹਾਂਗੇ।  ਉਨ੍ਹਾਂ ਕਿਹਾ ਕਿ, ਸੁਖਬੀਰ ਦੇ ਅਸਤੀਫ਼ੇ ਬਾਰੇ ਅੱਜ ਦੀ ਮੀਟਿੰਗ ਵਿੱਚ ਸਿਰਫ਼ ਵਿਚਾਰਾਂ ਹੋਈਆਂ, ਪਰ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ। ਜ਼ਿਲ੍ਹਾ ਪੱਧਰੀ ਇਕਾਈਆਂ ਦੀਆਂ ਮੀਟਿੰਗਾਂ ਕਰਕੇ ਇਸ ਸਬੰਧੀ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ।

ਮੀਟਿੰਗ ਵਿੱਚ ਚਾਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ

ਭੂੰਦੜ ਨੇ ਕਿਹਾ- ਮੀਟਿੰਗ ‘ਚ ਚਾਰ ਮੁੱਦਿਆਂ ‘ਤੇ ਸਹਿਮਤੀ ਬਣੀ ਹੈ। ਜਿਸ ਵਿੱਚ ਪਹਿਲਾ ਅੰਕ ਚੰਡੀਗੜ੍ਹ ਦਾ ਹੈ। ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ, ਅਸੀਂ ਕਿਸੇ ਵੀ ਕੀਮਤ ‘ਤੇ ਇਸ ਨੂੰ ਕਿਸੇ ਹੋਰ ਸੂਬੇ ਨੂੰ ਨਹੀਂ ਦੇਣ ਦਿਆਂਗੇ। ਦੂਜੇ ਨੰਬਰ ’ਤੇ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਦਾ ਮੁੱਦਾ ਹੈ। ਕਿਸਾਨਾਂ ਨੂੰ ਡੀਏਪੀ ਖਾਦ ਵੀ ਨਹੀਂ ਮਿਲ ਰਹੀ। ਜਿਸ ਕਾਰਨ ਸੂਬੇ ਦੇ ਕਿਸਾਨ ਕਾਫੀ ਪ੍ਰੇਸ਼ਾਨ ਹਨ। ਸਰਕਾਰ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਭੂੰਦੜ ਨੇ ਅੱਗੇ ਕਿਹਾ-ਯੂਨੀਵਰਸਿਟੀ ਸੈਨਿਟ ਨੂੰ ਖਤਮ ਕੀਤਾ ਜਾ ਰਿਹਾ ਹੈ। ਉੱਥੇ ਵੀ ਸਰਕਾਰ ਵੱਲੋਂ ਲੋਕਤੰਤਰ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਚੌਥਾ, ਪਾਰਟੀ ਮੁਖੀ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕੀਤਾ ਗਿਆ। ਉਕਤ ਮੀਟਿੰਗ ਵਿੱਚ ਪਾਰਟੀ ਦਾ ਹਰ ਹਿੱਸਾ ਸ਼ਾਮਲ ਸੀ।

ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਸਾਜ਼ਿਸ਼ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਸ਼ਾਮਲ ਹਨ। ਪੰਜਾਬ ਨੂੰ ਕੁਝ ਵੀ ਦੇਣਾ ਭੁੱਲ ਜਾਓ, ਪੰਜਾਬੀਆਂ ਦਾ ਜੋ ਹੱਕ ਹੈ, ਉਹ ਵੀ ਖੋਹਿਆ ਜਾ ਰਿਹਾ ਹੈ। ਭਗਵੰਤ ਮਾਨ ਕੁਹਾੜੇ ਦਾ ਹੈਂਡਲ ਬਣ ਰਿਹਾ ਹੈ, ਜੋ ਪੰਜਾਬੀਆਂ ਦੇ ਹੱਕਾਂ ਨੂੰ ਕੱਟਣ ਵਿੱਚ ਲੱਗਾ ਹੋਇਆ ਹੈ। ਪੰਜਾਬ ਦੇ ਲੋਕ ਇਸ ਨੂੰ ਮੁਆਫ ਨਹੀਂ ਕਰਨਗੇ।

 

 

 

 

 

 

Exit mobile version