ਬਠਿੰਡਾ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਹੈ। ਲੰਘੇ ਕੱਲ੍ਹ ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਖਾਸ ਗੱਲ ਹੈ ਕਿ ਗ੍ਰਿਫ਼ਤਾਰ ਵਿਅਕਤੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪੀਏ ਦੱਸਦਾ ਹੈ।
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਦੱਸਿਆ ਹੈ ਕਿ ਜੋ ਵਿਅਕਤੀ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ, ਉਹ ਉਨ੍ਹਾਂ ਦਾ ਪੀਏ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਵਿਰੋਧੀ ਪਾਰਟੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ। ਇਸੇ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸਾਸ਼ਨ ਨੂੰ ਇਹ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜਿਲ੍ਹਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਪੰਚ ਅਤੇ ਉਸ ਦੇ ਪਤੀ ਨੇ ਵਿਜੀਲੈਂਸ ਬਿਊਰੋ ਨੂੰ ਰਜ਼ ਕਰਵਾਈ ਅਤੇ ਇਹ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਉਹ ਇਸ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ।ਹਾਲਾਂਕਿ ਮੁਲਜ਼ਮ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ ਵਾਰ ਮੰਗ ਕਰ ਰਿਹਾ ਹੈ।
#WATCH | Bathinda, Punjab: Vigilance team arrests AAP MLA Amit Ratan's Personal Assistance from Bathinda Circuit House for allegedly taking a bribe of Rs 4 lakhs pic.twitter.com/WgTiWJVxbJ
— ANI (@ANI) February 16, 2023
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਇਸ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਇਸ ਮੁਲਜ਼ਮ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।