‘ਦ ਖ਼ਾਲਸ ਬਿਊਰੋ : ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ। ਭਾਈ ਬਲਵਿੰਦਰ ਸਿੰਘ ਦੀ ਤਸਵੀਰ ਸਣੇ 3 ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਗਈਆਂ ਹਨ, ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ SYL ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ SYL ਦੇ ਮੁੱਦੇ ਉੱਤੇ ਗੱਲਬਾਤ ਕਰਨਗੇ। ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਵਾਈਐਲ ਦੇ ਮੁੱਦੇ ਉੱਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਿੰਖ ਬੰਦੀਆਂ ਨੂੰ ਸਰਕਾਰ ਰਿਹਾਅ ਕਿਉਂ ਨਹੀਂ ਕਰ ਰਹੀ ਜੋ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਰਾਮ ਰਹੀਮ ਨੂੰ ਮਿਲੀ ਪੈਰੋਲ ਉੱਤੇ ਬੋਲਦਿਆਂ ਕਿਹਾ ਕਿ ਭਾਰਤੀ ਕਾਨੂੰਨ ਉਪਰ ਇਹ ਕਹਾਵਤ ਠੀਕ ਢੁਕਦੀ ਹੈ ਕਿ ਹਾਥੀ ਦੇ ਦੰਦ ਖਾਣ ਨੂੰ ਹੋਰ ਦਿਖਾਉਣ ਨੂੰ ਹੋਰ। ਸਕੂਲ ਚ ਪੜਾਇਆ ਜਾਂਦਾ ਸੀ ਕਿ ਕਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ। ਪਰ ਨਹੀ, ਦੂਜਿਆਂ ਪ੍ਰਤੀ ਚਾਹੇ ਉਹ ਬਲਾਤਕਾਰੀ ਹੀ ਕਿਉਂ ਨਾ ਹੋਣ ਭਾਰਤੀ ਕਾਨੂੰਨ ਨਰਮ ਹੈ ਤੇ ਅਪਣੇ ਹੱਕਾਂ ਲਈ ਲੜਨ ਵਾਲੇ ਸਿੱਖ, ਜਿਹੜੇ ਆਪਣੀ ਕੈਦ ਦੀ ਮਿਆਦ ਵੀ ਪੂਰੀ ਕਰ ਚੁੱਕੇ ਹਨ, ਉਨ੍ਹਾਂ ਲਈ ਬੇਹੱਦ ਸਖਤ ਕਾਨੂੰਨ ਹੈ।