ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਛੇਵੇਂ ਪਾਤਿਸ਼ਾਹ, ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰਮਤਿ ਵਿਚਾਰ ਸਾਂਝੇ ਕੀਤੇ।
ਜਥੇਦਾਰ ਨੇ ਦੱਸਿਆ ਕਿ 1595 ਈਸਵੀ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੀ ਪਵਿੱਤਰ ਕੁੱਖ ਤੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਤੀ ‘ਤੇ ਹੋਇਆ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਅਤੇ ਖਾਲਸਾ ਪੰਥ ਨੂੰ ਇਸ ਪਾਵਨ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਅਪੀਲ ਕੀਤੀ ਕਿ ਗੁਰੂ ਜੀ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਇਆ ਜਾਵੇ।
ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗੁਰਤਾ ਗੱਦੀ ਸੰਭਾਲਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ ਅਤੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਭਗਤੀ ਅਤੇ ਸ਼ਕਤੀ, ਧਰਮ ਅਤੇ ਰਾਜਨੀਤੀ ਦਾ ਸਿਧਾਂਤ ਦਿੱਤਾ। ਉਨ੍ਹਾਂ ਨੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਚੱਲਣ ਦਾ ਉਪਦੇਸ਼ ਦਿੱਤਾ। ਜਥੇਦਾਰ ਨੇ ਸੰਗਤ ਨੂੰ ਗੁਰੂ ‘ਤੇ ਅਟੁੱਟ ਵਿਸ਼ਵਾਸ ਰੱਖਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਉਨ੍ਹਾਂ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਦੀ ਘਟਨਾ ਦਾ ਜ਼ਿਕਰ ਕਰਦਿਆਂ ਇੱਕ ਗਰੀਬ ਸਿੱਖ ਦੀ ਸੱਚੇ ਸਤਿਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਿਸਾਲ ਦਿੱਤੀ, ਜਿਸ ਨੇ ਘਾਹ ਦੀ ਪੰਡ ਭੇਟ ਕਰਕੇ ਗੁਰੂ ਜੀ ਦੇ ਦਰਸ਼ਨ ਮੰਗੇ। ਜਥੇਦਾਰ ਨੇ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਅਤੇ ਗੁਰੂ ਸਾਹਿਬ ਨਾਲ ਸੱਚੀ ਸ਼ਰਧਾ ਨਾਲ ਜੁੜਨ ਦੀ ਅਪੀਲ ਕੀਤੀ, ਤਾਂ ਜੋ ਸਿੱਖੀ ਦੇ ਸਿਧਾਂਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ।