ਅੰਮ੍ਰਿਤਸਰ : ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿੱਚ ਅੰਤਰ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ SGPC ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜੇਕਰ ਸਿੱਖ ਸ਼ਰਧਾਲੂਆਂ ਦਾ ਕੋਈ ਜੱਥਾ ਭਾਰਤ ਤੋਂ ਪਾਕਿਸਤਾਨ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਅੱਠ ਦਿਨਾਂ ਤੋਂ ਵੱਧ ਸਮਾਂ ਨਹੀਂ ਦਿੱਤਾ ਜਾਵੇਗਾ। ਜਥੇ ਨੂੰ ਇੱਕ ਦਿਨ ਤੋਂ ਵੱਧ ਇੱਕ ਥਾਂ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਗਿਣਤੀ ਘੱਟ ਕਰਨ ਲਈ ਵੀ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਇਹ ਜੱਥਾ 8 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਸੀ, ਜਿਸ ਨੇ 16 ਜੂਨ ਨੂੰ ਭਾਰਤ ਪਰਤਣਾ ਸੀ।
ਭਾਰਤ-ਪਾਕਿ ਵੱਖ-ਵੱਖ ਦਿਨਾਂ ‘ਤੇ ਸ਼ਹੀਦੀ ਦਿਵਸ ਮਨਾਉਣਗੇ
ਮੂਲ ਨਾਨਕ ਸ਼ਾਹੀ ਕੈਲੰਡਰ ਅਤੇ ਸੋਧੇ ਹੋਏ ਨਾਨਕ ਸ਼ਾਹੀ ਕੈਲੰਡਰ ਦੀਆਂ ਤਰੀਕਾਂ ਵਿੱਚ ਕਾਫ਼ੀ ਅੰਤਰ ਹੈ। ਦੌਰਾ ਰੱਦ ਹੋਣ ਪਿੱਛੇ ਇਹ ਵੀ ਇੱਕ ਕਾਰਨ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ ਜਦਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ (ਲਾਹੌਰ) ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਹੁਣ ਇਹ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਜਾਵੇਗਾ
ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਪਾਕਿਸਤਾਨ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰੂਧਾਮਾਂ ਦਾ ਦੌਰਾ ਕਰੇਗਾ।