Punjab

ਝੋਨੇ ਦੀ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਚੁੱਕ ਸਕਦੀ ਹੈ ਨਵਾਂ ਕਦਮ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਨਵਾਂ ਕਦਮ ਚੁੱਕ ਸਕਦੀ ਹੈ । ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ਼ ਕਾਰਵਾਈ ਹੋ ਸਕਦੀ ਹੈ ਤੇ ਉਹਨਾਂ ਦੀ ਮਾਲ ਰਿਕਾਰਡ ਵਿੱਚ ‘ਰੈੱਡ ਐਂਟਰੀ’ ਪੈ ਸਕਦੀ ਹੈ।

ਮੁੱਖ ਸਕੱਤਰ ਪੰਜਾਬ ਵਿਜੇ ਕੁਮਾਰ ਜੰਜੂਆ ਵੱਲੋਂ ਇਸੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ ਤੇ ਹਦਾਇਤਾਂ ਜਾਰੀ ਕੀਤੀਆਂ ਹਨ,ਜਿਨ੍ਹਾਂ ’ਚੋਂ ਰੈੱਡ ਐਂਟਰੀ ਪਾਏ ਜਾਣ ਦਾ ਇਸ਼ਾਰਾ ਮਿਲਿਆ ਹੈ।

ਪੰਜਾਬ ਸਰਕਾਰ ਲਈ ਪਰਾਲੀ ਨੂੰ ਸਾੜਨ ਤੋਂ ਰੋਕਣਾ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਨਵੀਂ ਸਰਕਾਰ ਦੇ ਕਾਰਜਕਾਲ ’ਚ ਇਹ ਝੋਨੇ ਦਾ ਪਹਿਲਾ ਸੀਜ਼ਨ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਵੱਧ ਅੱਗ ਲਾਈ ਜਾਂਦੀ ਹੈ ਅਤੇ ਪਤਾ ਲੱਗਾ ਹੈ ਕਿ ਸਰਕਾਰ ਮੁੱਢਲੇ ਪੜਾਅ ’ਤੇ ਨਰਮੀ ਵਰਤੇਗੀ ਅਤੇ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਸਾੜਨ ’ਚ ਰਫ਼ਤਾਰ ਫੜੀ ਤਾਂ ਮਾਲ ਮਹਿਕਮੇ ਦੇ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਜਾਵੇਗੀ।

ਮੁੱਖ ਸਕੱਤਰ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਨਾਂ ਨੂੰ ਸਮਝਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਕਿਹਾ ਹੈ ਉਹਨਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾਵੇ ਕਿ ਪਰਾਲੀ ਸਾੜਨ ਵਾਲੇ ਕਿਸੇ ਕਿਸਾਨ ਦੀ ਜੇਕਰ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਇਸ ਨਾਲ ਉਹ ਕਈ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦੇ ਲਾਭ ਲੈਣ ਤੋਂ ਵਾਂਝਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਯੋਗ ਪ੍ਰਬੰਧ ਕਰਨ।

ਦੱਸਣਯੋਗ ਹੈ ਕਿ ਸਰਕਾਰ ਨੇ ਪਹਿਲੇ ਪੜਾਅ ’ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਮੁਹਿੰਮ ਵਿੱਢੀ ਹੈ। ਮੁੱਖ ਸਕੱਤਰ ਨੇ ਇਹ ਵੀ ਕਿਹਾ ਹੈ ਕਿ ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦ ਤੇ ਮਸ਼ੀਨਾਂ ਉਪਲਬਧ ਕਰਵਾਈਆਂ ਜਾਣ। ਇਸ ਤੋ ਇਲਾਵਾ ਬੱਚਿਆਂ ਨੂੰ ਵੀ ਇਸ ਸਬੰਧ ਵਿੱਚ ਜਾਗਰੂਕ ਕੀਤਾ ਜਾਵੇ। ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਬਣੇ ਹੋਣ ਦੇ ਬਾਵਜੂਦ ਕਈ ਥਾਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮੁੱਖ ਸਕੱਤਰ ਨੇ ਤਾੜਨਾ ਵੀ ਕੀਤੀ ਕਿ ਇਸ ਮਾਮਲੇ ਵਿੱਚ ਕੋਈ ਢਿੱਲ ਵਰਤੀ ਗਈ ਤਾਂ ਕਾਰਵਾਈ ਹੋਵੇਗੀ।