Punjab

ਪੁਣਛ ਵਿੱਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਦਾ ਐਲਾਨ

ਜੰਮੂ : ਪੁਣਛ ਵਿੱਚ ਹੋਏ ਅੱਤਵਾਦੀ ਹਮਲੇ ਨੇ 5 ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨ। ਇਹਨਾਂ ਸ਼ਹੀਦ ਹੋਏ ਫੌਜੀਆਂ ‘ਚ 4 ਦਾ ਸੰਬੰਧ ਪੰਜਾਬ ਨਾਲ ਹੈ। ਇਹਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਇਹਨਾਂ ਦੇ ਜੱਦੀ ਪਿੰਡ ਪਹੁੰਚ ਰਹੀਆਂ ਹਨ। ਪ੍ਰਭਾਵਿਤ ਪਰਿਵਾਰਾਂ ਵਿੱਚ ਦੁੱਖ ਦਾ ਮਾਹੌਲ ਹੈ ਤੇ ਅੱਜ ਅੰਤਮ ਸਸਕਾਰ ਦੀਆਂ ਰਸਮਾਂ ਕੀਤੀਆਂ ਜਾਣੀਆਂ ਹਨ।

ਇਸ ਮੌਕੇ ਦੁਖੀ ਪਰਿਵਾਰਾਂ ਦੇ ਜ਼ਖਮਾਂ ਤੇ ਮਲਮ ਲਾਉਣ ਤੇ ਥੋੜੀ ਆਰਥਿਕ ਮਦਦ ਦੇਣ ਦੇ ਇਰਾਦੇ ਨਾਲ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੰਮੂ ਕਸ਼ਮੀਰ ਵਿਚ  ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਦਿੱਤੇ ਜਾਣਗੇ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ),  ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਦੀ ਸ਼ਹਾਦਤ ਪੁਣਛ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਹੋਈ ਸੀ।