ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਖਾਮੀਆਂ ਸੰਬੰਧੀ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਪਿਛਲੇ ਸਾਲ ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਕੁਝ ਕਥਿਤ ਖਾਮੀਆਂ ਨੂੰ ਲੈ ਕੇ ਕਾਫੀ ਹੰਗਾਮਾ ਮਚਿਆ ਸੀ। ਕੇਂਦਰ ਨੂੰ ਭੇਜੀ ਗਈ ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ ਤੇ ਇਹ ਵੀ ਲਿਖਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ 9 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਫੇਰੀ ਦੌਰਾਨ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਥਿਤ ਤੌਰ ‘ਤੇ ਹੋਈ ਕੁਤਾਹੀ ਦੀ ਜਾਂਚ ਲਈ 5 ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ। ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਇਸ ਕਮੇਟੀ ਦੀ ਅਗਵਾਈ ਕਰ ਰਹੇ ਸਨ। ਲਗਭਗ 6 ਮਹੀਨੇ ਇਸ ਕਮੇਟੀ ਦੀ ਜਾਂਚ ਚਲਣ ਤੋਂ ਬਾਅਦ ਟੀਮ ਨੇ ਜੋ ਰਿਪੋਰਟ ਪੇਸ਼ ਕੀਤੀ ਹੈ ,ਉਸ ਵਿੱਚ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਸ ਮੁਖੀ ਐੱਸ. ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ‘ਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਲਾ ਕੁਝ ਕਾਰਨਾਂ ਕਰਕੇ ਹਾਈਵੇਅ ‘ਤੇ ਕਰੀਬ 20 ਮਿੰਟ ਤੱਕ ਫਸਿਆ ਰਿਹਾ । ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਮੰਨਿਆ ਗਿਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਲਈ ਕਮੇਟੀ ਬਣਾਈ ਸੀ।