Punjab

ਪੰਜਾਬ ਸਰਕਾਰ ਨੇ ਇੰਝ ਕੀਤਾ ਖਿਡਾਰੀਆਂ ਨੂੰ ਸਨਮਾਨਿਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਪਹਿਲਕਦਮੀ ਨਾਲ ਪੰਜਾਬ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ, “ਇਹ ਸਾਡੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤੁਹਾਡੇ ਵੱਲੋਂ ਕੀਤੀ ਗਈ ਕਰੜੀ ਮਿਹਨਤ ਦੇ ਸਤਿਕਾਰ ਵਿਚ ਇਕ ਨਿਮਾਣਾ ਜਿਹਾ ਉਪਰਾਲਾ ਹੈ। ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਹੋਰ ਉਭਰਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਖ਼ਤ ਲੋੜ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰਤਿਭਾ ਕੁਦਰਤੀ ਤੌਰ ਉੱਤੇ ਵਿਰਾਸਤ ਵਿੱਚ ਮਿਲੀ ਹੈ ਅਤੇ ਜੇਕਰ ਮੌਕਾ ਦਿੱਤਾ ਗਿਆ ਤਾਂ ਇਹ ਖਿਡਾਰੀ ਪੂਰੀ ਦੁਨੀਆ ਵਿਚ ਹਿੰਮਤ ਨਾਲ ਜੇਤੂ ਇਰਾਦਾ ਲੈ ਕੇ ਮੁਕਾਬਲੇ ਵਿਚ ਉਤਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਲਈ ਪੇਸ਼ੇਵਰ ਕੋਚਾਂ ਦੇ ਨਾਲ-ਨਾਲ ਖੁਰਾਕ ਅਤੇ ਹੋਰ ਸਹੂਲਤਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ‘ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਹੈ, ਜਿੱਥੋਂ ਕੁਦਰਤੀ ਤੌਰ ਉਤੇ ਪ੍ਰਤਿਭਾ ਪੈਦਾ ਹੁੰਦੀ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਹੁਣ ਤੱਕ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। 29 ਅਗਸਤ ਤੋਂ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਠੋਸ ਉਪਰਾਲੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਸਿੱਧੀ ਹਾਸਲ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ ‘ਤੇ ਕਰ ਰਹੀ ਹੈ। ਖਿਡਾਰੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਭਗਵੰਤ ਮਾਨ ਨੇ ਖੇਡਾਂ ਪ੍ਰਤੀ ਪਿਆਰ ਦਾ ਵੀ ਖੁਲਾਸਾ ਕੀਤਾ ਅਤੇ ਦੱਸਿਆ ਕਿ ਹਾਕੀ ਨਾਲ ਪਿਆਰ ਉਨ੍ਹਾਂ ਨੂੰ ਆਪਣੇ ਪਿਤਾ ਤੋਂ ਵਿਰਸੇ ਵਿੱਚ ਮਿਲਿਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਰਮਿੰਘਮ ਖੇਡਾਂ ਵਿੱਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 19 ਖਿਡਾਰੀਆਂ ਨੇ ਚਾਂਦੀ ਅਤੇ ਚਾਰ ਕਾਂਸੀ ਦੇ ਤਗਮੇ ਜਿੱਤੇ। ਉਨ੍ਹਾਂ ਵੇਟਲਿਫਟਰ ਵਿਕਾਸ ਠਾਕੁਰ, ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਨ ਕੁਮਾਰ, ਕ੍ਰਿਸ਼ਨ ਪਾਠਕ, ਸਮਸ਼ੇਰ ਸਿੰਘ। ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ ਅਤੇ ਮਹਿਲਾ ਕ੍ਰਿਕਟਰਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ, ਵੇਟ ਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ, ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ ਨੂੰ ਨਕਦ ਇਨਾਮ ਦਿੱਤੇ। ਇਸ ਤੋਂ ਇਲਾਵਾ ਜੂਡੋ ਖਿਡਾਰੀ ਜਸਲੀਨ ਸੈਣੀ, ਅਥਲੀਟ ਨਵਜੀਤ ਕੌਰ ਢਿੱਲੋਂ, ਸਾਈਕਲਿਸਟ ਨਮਨ ਕਪਿਲ ਤੇ ਵਿਸਵਾਜੀਤ ਸਿੰਘ ਦਾ ਵੀ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਦਾ ਬਜਟ 56 ਫੀਸਦੀ ਵਧਾਇਆ ਗਿਆ ਹੈ ਅਤੇ ਖਿਡਾਰੀਆਂ ਲਈ ਹੋਰ ਸਹਾਇਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਵਾਲੀਬਾਲ ਖੇਡ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕਰਨਗੇ।