ਚੰਡੀਗੜ੍ਹ : ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਪੈ ਰਹੇ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬੇਮੌਸਮੀ ਮੀਂਹ ਕਾਰਨ ਖੇਤਾਂ ਵਿੱਚ ਪੱਕਣ ਨੂੰ ਤਿਆਰ ਖੜੀ ਹਾੜੀ ਦੀ ਮੁੱਖ ਫਸਲ ਕਣਕ ਬਰਬਾਦ(crop damage) ਹੋ ਗਈ ਹੈ। ਹੁਣ ਕਈ ਦਿਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਪੰਜਾਬ ਸਰਕਾਰ (Punjab government) ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਇੰਨਾ ਹੀ ਨਹੀ ਸੀਐੱਮ ਮਾਨ ਨੇ ਸਪਸ਼ਟ ਕਿਹਾ ਹੈ ਕਿ ਉਹ ਅੰਨਦਾਤੇ ਨਾਲ ਖੜ੍ਹੇ ਹਨ ਅਤੇ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਣ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰਦਿਆਂ ਕਿਹਾ ਹੈ ਕਿ’ ਪਿਛਲੇ ਤਿੰਨ ਦਿਨਾਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ਵਿੱਚ ਤਿਆਰ ਖੜ੍ਹੀ ਕਣਕ ਦੀ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਅਫਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।’
ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…
— Bhagwant Mann (@BhagwantMann) March 21, 2023
ਤੁਰੰਤ ਮੁਆਵਜ਼ਾ ਦੇਣ ਦੀ ਮੰਗ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਸੂਬਾ ਪ੍ਰਧਾਨ BKU ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਤੋਂ ਫਸਲਾ ਦੇ ਹੋਏ ਖਰਾਬੇ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀਆਂ ਕਰਵਾਏ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਪੱਕਣ ਦੇ ਕੰਢੇ ਖੜੀ ਫਸਲ ਉੱਪਰ ਹੋਈ ਇਸ ਬਰਸਾਤ ਤੇ ਗੜੇਮਾਰੀ ਨੇ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਆਰਥਿਕ ਪੱਖੋਂ ਬਿਲਕੁੱਲ ਹੀ ਤੋੜਨ ਦਾ ਕੰਮ ਕੀਤਾ ਹੈ।
ਕਿਸਾਨ ਆਗੂ ਨੇ ਕਿਹਾ ਕਿ 17 ਮਾਰਚ ਤੋਂ ਗਰਜ-ਚਮਕ ਕਾਰਨ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਬੁਰੀ ਤਰ੍ਹਾਂ ਡਿੱਗਣ ਅਤੇ ਪਾਣੀ ਖੜਨ ਕਰਕੇ ਨੁਕਸਾਨੀ ਗਈ ਹੈ ਜਿਸ ਦੀਆਂ ਪਟਿਆਲਾ,ਲੁਧਿਆਣਾ,ਸ਼੍ਰੀ ਮੁਕਤਸਰ ਸਾਹਿਬ,ਫਤਿਹਗੜ੍ਹ ਸਾਹਿਬ,ਫਿਰੋਜ਼ਪੁਰ, ਬਠਿੰਡਾ ਤਲਵੰਡੀ ਸਾਬੋ ਅਤੇ ਸਾਰੇ ਪੰਜਾਬ ਤੋਂ ਵੱਡੇ ਪੱਧਰ ਤੇ ਨੁਕਸਾਨ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਹਨ।
ਫਸਲਾਂ ਨੂੰ ਬਹੁਤਾ ਨੁਕਸਾਨ ਨਹੀਂ ਹੋਇਆ : ਕੇਂਦਰੀ ਖੇਤੀ ਮੰਤਰੀ
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ‘ਬੇਮੌਸਮੀ ਬਾਰਸ਼ ਅਤੇ ਗੜਿਆਂ ਨੇ ਹਾੜ੍ਹੀ ਦੀਆਂ ਫਸਲਾਂ ਨੂੰ ਬਹੁਤਾ ਨੁਕਸਾਨ ਨਹੀਂ ਕੀਤਾ ਪਰ ਰਾਜਾਂ ਤੋਂ ਪੂਰੀਆਂ ਰਿਪੋਰਟਾਂ ਆਉਣੀਆਂ ਹਨ।’ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਸਰ੍ਹੋਂ ਅਤੇ ਛੋਲਿਆਂ ਦੀ ਫਸਲ ਬਾਰੇ ਕੋਈ ਚਿੰਤਾ ਨਹੀਂ ਹੈ ਕਿਉਂਕਿ ਇਸ ਦੀ ਜ਼ਿਆਦਾਤਰ ਕਟਾਈ ਹੋ ਚੁੱਕੀ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਲਈ 11.22 ਲੱਖ ਟਨ ਕਣਕ ਦੀ ਰਿਕਾਰਡ ਪੈਦਾਵਾਰ ਦਾ ਅਨੁਮਾਨ ਲਗਾਇਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਝਾਰਖੰਡ, ਬਿਹਾਰ, ਉੱਤਰਾਖੰਡ, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵਾਢੀ ਅੱਗੇ ਪਾਉਣ ਦੀ ਸਲਾਹ ਦਿੱਤੀ ਹੈ।