ਦਿੱਲੀ : ਦੇਸ਼ ਵਿੱਚ ਲੰਪੀ ਸਕਿਨ ਬਿਮਾਰੀ ਦਾ ਕਹਿਰ ਫਿਰ ਤੋਂ ਵੱਧਣ ਲੱਗਾ ਹੈ। ਹਫ਼ਤੇ ’ਚ 1000 ਤੋਂ ਵੱਧ ਤਾਜ਼ਾ ਕੇਸਾਂ ਅਤੇ 100 ਪਸ਼ੂਆਂ ਦੀ ਮੌਤ ਤੋਂ ਬਾਅਦ ਲੰਪੀ ਸਕਿੱਨ ਬਿਮਾਰੀ (LSD) ਇੱਕ ਵਾਰ ਫਿਰ ਦੇਸ਼ ਵਿੱਚ ਫੈਲਣੀ ਸ਼ੁਰੂ ਹੋ ਗਈ ਹੈ। ਪਿਛਲੇ ਸਾਲ ਇਸ ਬਿਮਾਰੀ ਨੇ ਦੇਸ਼ ਭਰ ਵਿੱਚ ਡੇਢ ਲੱਖ ਤੋਂ ਵੱਧ ਪਸ਼ੂਆਂ ਦੀ ਜਾਨ ਲੈ ਕੇ ਤਬਾਹੀ ਮਚਾਈ ਸੀ। ਹੁਣ ਤੱਕ ਦੇਸ਼ ਵਿੱਚ ਐੱਲਐੱਸਡੀ ਦੇ ਕੇਸ 10000 ਹਨ। ਕੇਂਦਰ ਸਰਕਾਰ ਨੇ ਹਾਲਾਂਕਿ ਦਾਅਵਾ ਕੀਤਾ ਹੈ ਕਿ ਸਥਿਤੀ ਫਿਲਹਾਲ ਕਾਬੂ ਹੇਠ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਭ ਤੋਂ ਵੱਧ ਪ੍ਰਭਾਵਿਤ ਰਾਜ ਹਨ। ਰਾਜਸਥਾਨ, ਪੰਜਾਬ ਅਤੇ ਹਰਿਆਣਾ, ਜੋ ਪਿਛਲੇ ਸਾਲ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚੋਂ ਇੱਕ ਸਨ, ਵਿੱਚ ਹੁਣ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।
ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਸਾਰੇ ਰਾਜਾਂ ਨੂੰ ਮੌਨਸੂਨ ਸੀਜ਼ਨ ਦੌਰਾਨ ਬਿਮਾਰੀ ਦੇ ਫੈਲਣ ਦੀ ਸੰਭਾਵਨਾ ਬਾਰੇ ਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਲੰਪੀ ਸਕਿਨ ਬੀਮਾਰੀ ਨਾਲ ਲਗਭਗ 18,000 ਪਸ਼ੂਆਂ ਦੀ ਮੌਤ ਹੋ ਗਈ ਸੀ। ਪਿਛਲੇ ਸਾਲ ਦਸੰਬਰ ਵਿੱਚ ਰਾਜ ਸਭਾ ਵਿੱਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਸੀ। ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਾਅਦ, ਪੰਜਾਬ ਤੀਸਰਾ ਸੂਬਾ ਹੈ, ਜਿਥੇ ਇਸ ਵਾਇਰਸ ਨਾਲ ਸਭ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਸਨ।