ਦਿੱਲੀ : ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 6 ਅਪ੍ਰੈਲ ਤੱਕ ਚੱਲੇਗਾ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਅੱਜ ਸਵੇਰੇ ਮੀਟਿੰਗ ਵੀ ਹੈ।
ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਸਮੇਤ ਕੁਝ ਹੋਰ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਰੋਧੀ ਪਾਰਟੀਆਂ ਦੀ ਸੰਸਦ ਭਵਨ ਕੰਪਲੈਕਸ ‘ਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫਤਰ ‘ਚ ਸਵੇਰੇ 10 ਵਜੇ ਬੈਠਕ ਹੋਣ ਦੀ ਉਮੀਦ ਹੈ।
ਭਾਰਤੀ ਜਨਤਾ ਪਾਰਟੀ ਬ੍ਰਿਟੇਨ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਉਨ੍ਹਾਂ ਦੇ ਬਿਆਨਾਂ ਨੂੰ ਲੈ ਕੇ ਲਗਾਤਾਰ ਹਮਲੇ ਕਰ ਰਹੀ ਹੈ। ਸੈਸ਼ਨ ਦੌਰਾਨ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ, ਚੀਨ ਨਾਲ ਸਰਹੱਦੀ ਵਿਵਾਦ, ਮਹਿੰਗਾਈ, ਬੇਰੁਜ਼ਗਾਰੀ ਵਰਗੇ ਮੁੱਦੇ ਉਠਾਏ ਜਾ ਸਕਦੇ ਹਨ।