ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੇ ਫੈਸਲੇ ਅਤੇ ਸਿੱਖ ਮਸਲਿਆਂ ਅੰਦਰ ਆਰ.ਐਸ.ਐਸ ਦੀ ਸ਼ਹਿ ਉਤੇ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ(Shiromani Akali Dal) ਵੱਲੋਂ ਅੱਜ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਨਜ਼ੂਰੀ ਦੇਣ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਯਾਨੀ 7 ਅਕਤੂਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਪੰਥਕ ਰੋਸ ਮਾਰਚ ਕੀਤਾ ਜਾਵੇਗਾ। ਪਹਿਲਾ ਪੰਥਕ ਰੋਸ ਮਾਰਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਤੋਂ ਰਵਾਨਾ ਹੋਵੇਗਾ। ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਧਾਨ ਹਰਜਿੰਦਰ ਸਿੰਘ ਧਾਮੀ ਸ਼ਾਮਲ ਹੋਣਗੇ। ਦੂਸਰਾ ਪੰਥਕ ਰੋਸ ਮਾਰਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਰਵਾਨਾ ਹੋਵੇਗਾ । ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣਗੇ। ਤੀਸਰਾ ਪੰਥਕ ਰੋਸ ਮਾਰਚ ਸ਼ੰਭੂ ਬਾਰਡਰ ਅੰਬਾਲਾ ਤੋਂ ਰਵਾਨਾ ਹੋਵੇਗਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੇ ਫੈਸਲੇ ਅਤੇ ਸਿੱਖ ਮਸਲਿਆਂ ਅੰਦਰ ਆਰ.ਐਸ.ਐਸ ਦੀ ਸ਼ਹਿ ਉਤੇ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਸੀ । ਇਹ ਰੋਸ ਮਾਰਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਸ ਧਰਨਾ ਦਿੱਤਾ ਗਿਆ ਸੀ। ਸਭ ਨੇ ਆਪਣੀਆਂ ਦਸਤਾਰਾਂ ਉੱਤੇ ਕਾਲੀਆਂ ਪੱਟੀਆਂ, ਹੱਥਾਂ ਵਿੱਚ ਪੋਸਟਰ ਅਤੇ ਕਾਲੇ ਝੰਡੇ ਫੜੇ ਹੋਏ ਸਨ।
ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਵਿਚ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਨੂੰ ਆਪਸ ਵਿਚ ਪਾੜਨ ਵਾਸਤੇ ਸਾਜ਼ਿਸ਼ਾਂ ਰਚ ਰਹੀ ਹੈ ਤੇ ਇਸੇ ਤਹਿਤ ਇਹ ਫੈਸਲਾ ਆਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਗਠਨ ਆਲ ਇੰਡੀਆ ਐਕਟ ਤਹਿਤ 1925 ਵਿਚ ਕੀਤਾ ਗਿਆ ਸੀ ਤੇ ਕਿਸੇ ਵੀ ਸੂਬੇ ਨੂੰ ਆਲ ਇੰਡੀਆ ਐਕਟ ਦੇ ਖਿਲਾਫ ਆਪਣਾ ਵੱਖਰਾ ਕਾਨੂੰਨ ਬਣਾਉਣ ਦਾ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਜਿਹਨਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ। ਉਨ੍ਹਾਂ ਨੇ ਇਸ ਫੈਸਲੇ ਪਿੱਛੇ ਆਰਐੱਸਐਸ ਦਾ ਹੱਥ ਦੱਸਿਆ ਹੈ।