ਬਿਹਾਰ : ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ( athedar Ranjit Singh ) ਨੂੰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਮੁੜ ਬਹਾਲ ਕੀਤਾ ਗਿਆ ਹੈ। ਸੰਗਤ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਜਥੇਦਾਰ ਰਣਜੀਤ ਸਿੰਘ ਨੂੰ ਚੜਾਵੇ ਦੇ ਮਾਮਲੇ ਨੂੰ ਲੈ ਕੇ ਪੰਜ ਪਿਆਰਿਆਂ ਦੇ ਹੁਕਮ ਤੋਂ ਬਾਅਦ ਹਟਾਇਆ ਗਿਆ ਸੀ।
ਗਿਆਨੀ ਰਣਜੀਤ ਸਿੰਘ ਨੂੰ ਸਾਲ 2019 ਵਿੱਚ ਗਿਆਨੀ ਇਕਬਾਲ ਸਿੰਘ ਦੀ ਜਗ੍ਹਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ। 28 ਅਗਸਤ 2022 ਨੂੰ ਤਖ਼ਤ ਸ਼੍ਰੀ ਪਟਨਾ ਸਾਹਿਬ ਦੀ ਮੈਨੇਜਮੈਂਟ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਜਥੇਦਾਰ ਰਣਜੀਤ ਸਿੰਘ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ, ਅਹੁਦੇ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ। ਜਥੇਦਾਰ ਉੱਤੇ ਦਸਵੰਧ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਸਨ, ਜੋ ਕਰੋੜਾਂ ਰੁਪਏ ਵਿੱਚ ਸ਼ਰਧਾਲੂਆਂ ਵੱਲੋਂ ਚੜਾਈ ਜਾਂਦੀ ਸੀ।
ਇਨ੍ਹਾਂ ਦੋਸ਼ਾਂ ਤੋਂ ਬਾਅਦ 11 ਸਤੰਬਰ 2022 ਨੂੰ ਪੰਜ ਪਿਆਰਿਆਂ ਭਾਈ ਬਲਦੇਵ ਸਿੰਘ, ਭਾਈ ਦਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਦੇਵ ਸਿੰਘ ਅਤੇ ਭਾਈ ਪਰਸ਼ੂਰਾਮ ਸਿੰਘ ਵੱਲੋਂ ਜਥੇਦਾਰ ਰਣਜੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਹਿੱਤ ਨੇ ਜਥੇਦਾਰ ਨੂੰ ਕਲੀਨ ਚਿੱਟ ਮਿਲਣ ਤੱਕ ਉਨ੍ਹਾਂ ਦੀਆਂ ਸਾਰੀਆਂ ਸੇਵਾਵਾਂ ਨੂੰ ਰੱਦ ਕਰ ਦਿੱਤਾ ਸੀ, ਹਾਲਾਂਕਿ, ਹਿੱਤ ਬਾਅਦ ਵਿੱਚ ਅਕਾਲ ਚਲਾਣਾ ਕਰ ਗਏ।
ਹੁਣ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਪੰਜ ਪਿਆਰਿਆਂ ਵਿੱਚੋਂ ਦੋ ਪਿਆਰਿਆਂ ਭਾਈ ਦਲੀਪ ਸਿੰਘ ਅਤੇ ਭਾਈ ਸੁਖਦੇਵ ਸਿੰਘ ਨੇ ਲਿਖਤੀ ਤੌਰ ‘ਤੇ ਦਿੱਤਾ ਹੈ ਕਿ ਉਨ੍ਹਾਂ ‘ਤੇ ਗਿਆਨੀ ਰਣਜੀਤ ਸਿੰਘ ਦੇ ਖਿਲਾਫ ਫ਼ਰਮਾਨ ‘ਤੇ ਦਸਤਖਤ ਕਰਨ ਲਈ ਦਬਾਅ ਪਾਇਆ ਗਿਆ ਸੀ। ਇਸ ਬਿਆਨ ਦੇ ਆਧਾਰ ’ਤੇ ਇੰਦਰਜੀਤ ਸਿੰਘ ਨੇ ਗਿਆਨੀ ਰਣਜੀਤ ਸਿੰਘ ਨੂੰ ਤਖ਼ਤ ਦੇ ਜਥੇਦਾਰ ਵਜੋਂ ਬਰਕਰਾਰ ਰੱਖਣ ਦੀ ਸਲਾਹ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।
ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਉਹ ਤਖ਼ਤ ਪ੍ਰਬੰਧਕਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ, ‘‘ਮੈਂ ਤਖ਼ਤ ਕਮੇਟੀ ਨੂੰ ਉਸ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ, ਜਿਸ ਨੇ ਮੇਰੇ ’ਤੇ ਬੇਬੁਨਿਆਦ ਦੋਸ਼ ਲਾਏ ਹਨ।
ਜਲੰਧਰ ਦੇ ਇੱਕ ਵਸਨੀਕ ਨੇ ਕਥਿਤ ਤੌਰ ‘ਤੇ ਤਖ਼ਤ ਸ਼੍ਰੀ ਪਟਨਾ ਸਾਹਿਬ ਨੂੰ ਸੋਨੇ ਦੀ ਤਲਵਾਰ ਦਾਨ ਕੀਤੀ ਸੀ। ਬਾਅਦ ਵਿੱਚ ਦੋਸ਼ ਲਾਇਆ ਗਿਆ ਕਿ ਇਸ ਵਿੱਚੋਂ ਸੋਨਾ ਗਬਨ ਕਰ ਲਿਆ ਗਿਆ ਹੈ। ਦਾਨੀ ਨੂੰ ਤਲਵਾਰ ‘ਤੇ ਚੜ੍ਹੇ ਸੋਨੇ ਦੀ ਮਾਤਰਾ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨ ਦਾ ਵੀ ਦੋਸ਼ੀ ਠਹਿਰਾਇਆ ਗਿਆ ਸੀ, ਜੋ ਉਸ ਨੇ ਤਖ਼ਤ ਸ਼੍ਰੀ ਪਟਨਾ ਸਾਹਿਬ ਨੂੰ ਪੇਸ਼ ਕੀਤਾ ਸੀ ਅਤੇ ਬਾਅਦ ਵਿਚ ਮੀਡੀਆ ਵਿਚ ਜਾ ਕੇ ਤਖ਼ਤ ਸ਼੍ਰੀ ਪਟਨਾ ਸਾਹਿਬ ਜੀ ਦੀ ਸ਼ਾਨ ਨੂੰ ਠੇਸ ਪਹੁੰਚਾਈ ਸੀ।