The Khalas Tv Blog India SGPC ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 31 ਮਾਰਚ ਤੱਕ ਹੋਣ ਵਾਲੇ ਸਾਰੇ ਸਮਾਗਮ ਕੀਤੇ ਰੱਦ
India Punjab

SGPC ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 31 ਮਾਰਚ ਤੱਕ ਹੋਣ ਵਾਲੇ ਸਾਰੇ ਸਮਾਗਮ ਕੀਤੇ ਰੱਦ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਾਰੇ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਹਨ।  ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਮਾਰਚ ਤੋਂ 28 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹ ਸਮਾਗਮ ਕਰਵਾਏ ਜਾਣੇ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾਂ ਕਰਨ ਮਗਰੋਂ ਦੱਸਿਆ ਕਿ ਹੋਲਾ ਮਹੱਲਾ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਏ ਜਾਣਗੇ ਪਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ 31 ਮਾਰਚ ਤੱਕ ਮੁਲਤਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ ਵਿੱਚ ਫੈਸਲਾ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੀ ਸਮਾਗਮ ਸਨ, ਪਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ। ਅਜਿਹੇ ਵਿੱਚ ਵਿਦਿਆਰਥੀਆਂ ਨੂੰ ਸ਼ਾਮਲ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਲਾ-ਮਹੱਲਾ ਮੌਕੇ ਸਜਾਏ ਜਾਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਹੋਣਗੇ, ਜਿਨ੍ਹਾਂ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ।

ਬੀਬੀ ਜਗੀਰ ਕੌਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਹੋਲਾ-ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਇਹ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸ਼ਰਧਾਲੂਆਂ ਲਈ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਗਈ।

Exit mobile version