India Punjab

ਉਤਰਾਖੰਡ ਦੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ SGPC ਪ੍ਰਧਾਨ ਵੱਲੋਂ ਸਖ਼ਤ ਨਿੰਦਾ

The SGPC president strongly condemned the dance in Uttarakhand's Gurdwara Sahib

ਦ ਖ਼ਾਲਸ ਬਿਊਰੋ : ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਡਾਂਸ ਕੀਤਾ ਜਾ ਰਿਹਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। ਇਸ ਦੇ ਨਾਲ ਹੀ ਨੇੜਲੇ 40 ਹੋਰ ਗੁਰਦੁਆਰਾ ਸਾਹਿਬ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਮਾਮਲਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਨਾਲ ਸਬੰਧਤ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਵੀ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ।

 

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਗਏ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇਲਾਕੇ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਦੇ ਅੰਦਰ ਸਮਾਪਤ ਹੋਇਆ। ਸਮਾਗਮ ਦੇ ਅੰਤ ਵਿੱਚ ਗੁਰੂਘਰ ਵਿੱਚ ਬੀਬੀਆਂ ਵੱਲੋਂ ਡਾਂਸ ਵੀ ਕੀਤਾ ਗਿਆ ਸੀ।