‘ਦ ਖ਼ਾਲਸ ਬਿਊਰੋ : ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਸਿੱਖ ਕੌਮ ਨਾਲ ਅਨਿਆਂ ਹੈ।
SGPC Chief Adv Harjinder Singh Dhami welcomes @VPSecretariat @jdhankhar1 at Sri Darbar Sahib, congratulate him on his election as 14th VP of India & wish him success of his term. He also handed over letter to VP, demanding release of Sikh political prisoners. #FreeSikhPrisoners pic.twitter.com/arw4SnWLGO
— Shiromani Gurdwara Parbandhak Committee (@SGPCAmritsar) October 26, 2022
ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਬੰਦੀਆਂ ਨੇ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਸਿੱਖ ਬੰਦੀ ਹੁਣ ਉਮਰ ਕੈਦ ਤੋਂ ਦੁਗਣੀਆਂ ਸਾਜ਼ਾਵਾਂ ਭੁਗਤ ਚੁੱਕੇ ਹਨ ਅਤੇ ਸੰਵਿਧਾਨਕ ਤੌਰ ’ਤੇ ਰਿਹਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਅਵਾਜ਼ ਉਠਾਉਂਦੀ ਆ ਰਹੀ ਹੈ। ਹਾਲ ਹੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਪਾਸੋਂ ਇਸ ਸਬੰਧ ਵਿਚ ਸਮਾਂ ਵੀ ਮੰਗਿਆ ਗਿਆ ਹੈ ਪਰ ਉਨ੍ਹਾਂ ਨੇ ਹਾਂਪੱਖੀ ਹੁੰਗਾਰਾ ਨਹੀਂ ਦਿੱਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਉੱਪ ਰਾਸ਼ਟਰਪਤੀ ਵਜੋਂ ਸਿੱਖ ਕੌਮ ਦੇ ਇਸ ਗੰਭੀਰ ਮਸਲੇ ਵਿਚ ਦਖਲ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਆਖਿਆ ਜਾਵੇ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਸ੍ਰੀ ਧਨਖੜ ਨੂੰ ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣਨ ’ਤੇ ਵਧਾਈ ਵੀ ਦਿੱਤੀ।
ਇਸ ਮੌਕੇ ਉੱਪ ਰਾਸ਼ਟਰਪਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬੇਹੱਦ ਖੁਸ਼ੀ ਹੋਈ ਹੈ। ਇਥੇ ਦੀ ਸ਼ਾਂਤੀ, ਸਹਿਜ, ਸ਼ਰਧਾ ਭਰਿਆ ਵਾਤਾਵਰਣ ਅਤੇ ਸੇਵਾ ਦੀ ਭਾਵਨਾ ਇਕ ਅਭੁੱਲ ਅਨੁਭਵ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਸ੍ਰੇਸ਼ਟ ਅਧਿਆਤਮਿਕ ਪ੍ਰੰਪਰਾ ਦਾ ਚਮਕਦਾ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਯੁਗਾਂ ਤੋਂ ਪਿਆਰ, ਮਾਨਵਤਾ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਮਨੁੱਖਤਾ ਦੀ ਸੇਵਾ ਲਈ ਸਦੀਵੀ ਸੰਦੇਸ਼ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ।