Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੰਗਾਮੀ ਮੀਟਿੰਗ,ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੀ ਵੱਖਰੀ ਕਮੇਟੀ ਦੀ ਉੱਠੀ ਮੰਗ

 ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ। ਚੰਡੀਗੜ੍ਹ ਵਿੱਚ ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਦੇ ਮਾਮਲੇ ਨੂੰ ਵਿਚਾਰਿਆ ਜਾਵੇਗਾ ਤੇ ਇਸ ਖ਼ਿਲਾਫ਼ ਅਗਲੀ ਰਣਨੀਤੀ ਤੇ ਵੀ ਵਿਚਾਰ ਕੀਤਾ ਜਾਵੇਗਾ।

ਇਸ ਗੱਲ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਹੈ । ਉਨ੍ਹਾਂ ਕਿਹਾ ਹੈ ਕਿ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਫ਼ੈਸਲੇ ‘ਤੇ ਰਿਵੀਊ ਪਟੀਸ਼ਨ ਦਾਇਰ ਕਰਨ ਦਾ ਕਾਨੂੰਨੀ ਰਾਹ ਖੁੱਲ੍ਹਾ ਹੈ ਅਤੇ ਇਸ ਸਬੰਧੀ ਵਿਚਾਰ ਮੀਟਿੰਗ ਵਿੱਚ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ਵਿਚ ਵਿਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੇ ਇਸ ਸਬੰਧੀ ਕੋਈ ਸਮਾਂ ਨਹੀਂ ਦਿੱਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ,ਪ੍ਰਧਾਨ SGPC

ਪਿਛਲੇ ਦਿਨੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਉਣ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਵੀ ਹੁਣ ਜੋਰ ਫੜਨ ਲੱਗ ਪਈ ਹੈ । ਇਹ ਮੰਗ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਤੇ ਇਲਜ਼ਾਮ ਲਗਾਇਆ ਹੈ ਕਿ ਚੰਡੀਗੜ੍ਹ ਵਿਚਲੇ ਕਮੇਟੀ ਅਧੀਨ ਆਉਂਦੇ ਤਿੰਨ ਗੁਰਦੁਆਰਿਆਂ ਦੇ ਪ੍ਰਬੰਧਾਂ ਵੱਲ ਕਮੇਟੀ ਨੇ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸੈਕਟਰ-44 ਦੇ ਗੁਰਦੁਆਰਾ ਬਾਗ ਸ਼ਹੀਦਾਂ ਅਤੇ ਮਨੀਮਾਜਰਾ ਵਿਚਲੇ ਦੋ ਗੁਰਦੁਆਰਿਆਂ ਵਿੱਚ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ। ਪੰਥਕ ਵਿਚਾਰ ਮੰਚ, ਚੰਡੀਗੜ੍ਹ ਨੇ ਮੰਗ ਕੀਤੀ ਕਿ ਹਰਿਆਣਾ ਦੇ ਨਾਲ-ਨਾਲ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਜਾਵੇ। ਇਸ ਤੋਂ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼੍ਰੋਮਣੀ ਕਮੇਟੀ ‘ਤੇ ਵੀ ਸਹੀ ਇੰਤਜ਼ਾਮ ਨਾ ਕਰਨ ਦਾ ਇਲਜ਼ਾਮ ਲਗਾਇਆ ਸੀ ।