International

ਅਮਰੀਕਾ ‘ਚ ਸਿੱਖ ਭਾਈਚਾਰੇ ਨੇ 9/11 ਹਮਲੇ ਨੂੰ ਲੈ ਕੇ ਭੇਟ ਕੀਤੀ ਸਰਧਾਂਜਲੀ

ਬਿਊਰੋ ਰਿਪੋਰਟ – ਅਮਰੀਕਾ (America) ਦੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ 11 ਸਤੰਬਰ 2001 ਨੂੰ ਹੋਏ ਵਰਲਡ ਟਰੇਡ ਸੈਂਟਰ (World Trade Centre) ਦੇ ਟਾਵਰਾਂ ਅਤੇ ਪੈਂਟਾਗਨ ਤੇ ਹੋਏ ਅੱਤਵਾਦੀ ਹਮਲਿਆ ਦੀ 23ਵੀਂ ਵਰੇਗੰਢ ਸਬੰਧੀ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ।

ਦੱਸ ਦੇਈਏ ਕਿ ਇਸ ਸਮਾਗਮ ਨੂੰ ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਇਸ ਸਮਾਗਮ ਨੂੰ ਕਰਵਾਇਆ ਗਿਆ ਸੀ, ਜਿਸ ਵਿੱਚ 9/11 ਦੇ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸਰਧਾਂਜਲੀ ਦਿੱਤੀ ਗਈ। ਇਸ ਵਿੱਚ ਅਮਰੀਕੇ ਝੰਡੇ ਝੁਕਾ ਕੇ ਫੌਜ ਦੇ ਜਵਾਨਾਂ ਵੱਲੋਂ ਫੁੱਲ ਚੜਾਏ ਗਏ ਅਤੇ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਇਸ ਤੋਂ ਬਾਅਦ ਬੀਵਰਕ੍ਰੀਕ ਦੇ ਮੇਅਰ ਡੋਨ ਐਡਮਜ਼ ਨੇ ਸ਼ਰਧਾਂਜਲੀ ਸੰਦੇਸ਼ ਦਿੱਤਾ।

ਸਮਾਰੋਹ ਵਿੱਚ ਸ਼ਾਮਲ ਹੋਏ ਸਿੱਖ ਭਾਈਚਾਰੇ ਦੇ ਕਾਰਕੁਨ ਅਤੇ ਸਿੱਖ ਸੋਸਾਇਟੀ ਆਫ ਡੇਟਨ ਦੇ ਮੈਂਬਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ “ਅਸੀਂ ਇਸ ਸਮਾਰੋਹ ਵਿੱਚ ਉਨ੍ਹਾਂ ਸਭਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ, ਜਿਨ੍ਹਾਂ ਨੇ ਇਹਨਾਂ ਹਮਲਿਆਂ ਵਿੱਚ ਆਪਣੀ ਜਾਣ ਗੁਆ ਦਿੱਤੀ ਸੀ। ਇਸ ਵਿੱਚ ਪੁਲਿਸ ਅਧਿਕਾਰੀ, ਅੱਗ ਬੁਝਾਊ, ਤੇ ਮੈਡੀਕਲ ਸੇਵਾਵਾਂ ਦੇ ਅਮਲੇ ਦੇ ਮੈਂਬਰ ਵੀ ਸ਼ਾਮਲ ਸਨ।”

ਗੁਮਟਾਲਾ ਨੇ ਦੱਸਿਆ ਕਿ ਇਸ ਸਲਾਨਾ ਯਾਦਗਾਰੀ ਸਮਾਰੋਹ ਦਾ ਆਯੋਜਨ ਬੀਵਰਕ੍ਰੀਕ ਦੇ 9/11 ਮੈਮੋਰੀਅਲ ਵਿਖੇ ਕੀਤਾ ਜਾਂਦਾ ਹੈ ਜਿੱਥੇ ਸਟੀਲ ਦਾ ਇੱਕ 25-ਫੁੱਟ ਉੱਚਾ ਮੁੜਿਆ ਹੋਇਆ ਪਿਲਰ ਸਥਾਪਿਤ ਕੀਤਾ ਗਿਆ ਹੈ, ਜੋ ਹਮਲੇ ਤੋਂ ਪਹਿਲਾਂ ਵਰਲਡ ਟਰੇਡ ਸੈਂਟਰ ਦੇ ਉੱਤਰੀ ਟਾਵਰ ਦੀਆਂ 101ਵੀਂ ਅਤੇ 105ਵੀਂ ਮੰਜ਼ਿਲਾਂ ਦੇ ਵਿਚਕਾਰ ਲੱਗਾ ਹੋਇਆ ਸੀ। ਇਸ ਟੁਕੜੇ ਨੂੰ ਦੋ ਅੱਗ ਬੁਝਾਉ ਦਸਤਿਆਂ ਦੁਆਰਾ ਬੀਵਰਕ੍ਰੀਕ ਵਿੱਚ ਲਿਆਂਦਾ ਗਿਆ ਸੀ ਜੋ ਓਹੀਓ ਟਾਸਕ ਫੋਰਸ ਵਨ ਦਾ ਹਿੱਸਾ ਸਨ ਅਤੇ ਇਹਨਾਂ ਨੇ ਨਿਊਯਾਰਕ ਵਿੱਚ ਗਰਾਊਂਡ ਜ਼ੀਰੋ ਵਿਖੇ ਬਚਾਅ ਕਾਰਜਾਂ ਵਿੱਚ ਸਹਾਇਤਾ ਕੀਤੀ ਸੀ।

ਇਹ ਵੀ ਪੜ੍ਹੋ –    ਮੋਹਾਲੀ ‘ਚ ਲੜਕੀ ਦੀ ਚੱਪਲਾਂ ਨਾਲ ਬੇਰਹਿਮੀ ਨਾਲ ਕੁੱਟਮਾਰ