Punjab

ਕੋਟਕਪੂਰਾ ਗੋਲੀ ਕਾਂਡ ਮਾਮਲਾ: ਐਸਆਈਟੀ ਦਾ ਇੱਕ ਹੋਰ ਚਲਾਨ,ਸਿੱਖ ਸੰਗਤ ‘ਤੇ ਕੇਸ ਕਰ ਉਲਟੇ ਫਸੇ ਆਹ ਸਾਬਕਾ ਅਫ਼ਸਰ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਕਰ ਰਹੀ ਐਸਆਈਟੀ ਨੇ ਧਰਨਾਕਾਰੀ ਸਿੱਖ ਸੰਗਤ ਦੇ ਖਿਲਾਫ਼ ਦਰਜ ਕੀਤੇ ਗਏ ਮੁਕੱਦਮੇ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਸ਼ਾਂਤਮਈ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਖਿਲਾਫ਼ ਇਹ ਮੁਕੱਦਮਾ ਪੁਲਿਸ ਅਧਿਕਾਰੀਆਂ ਵੱਲੋਂ ਦਰਜ ਕੀਤਾ ਗਿਆ ਸੀ।

ਐਸਆਈਟੀ ਨੇ ਮੁਕੱਦਮੇ ਨੂੰ ਜਿਥੇ ਸਾਜ਼ਿਸ਼ ਦੱਸਿਆ ਹੈ ,ਉੱਥੇ ਪੁਲਿਸ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਨੂੰ ਨਕਲੀ ਤੇ ਗਵਾਹਾਂ ਨੂੰ ਝੂਠੇ ਦੱਸਿਆ ਹੈ ਤੇ ਜਾਂਚ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਪੁਲਿਸ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਬੇਕਸੂਰ ਲੋਕਾਂ ਨੂੰ ਫਸਾਇਆ ਹੈ।

ਜਿਨ੍ਹਾਂ ਪੁਲਿਸ ਅਧਿਕਾਰੀਆਂ ‘ਤੇ ਇਹ ਦੋਸ਼ ਤੈਅ ਕੀਤੇ ਗਏ ਹਨ,ਉਹਨਾਂ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਸ਼ਾਮਲ ਹਨ । ਇਹਨਾਂ ਸਾਰਿਆਂ ਨੂੰ ਮੁਲਜ਼ਮ ਦੇ ਤੋਰ ‘ਤੇ ਨਾਮਜ਼ਦ ਕੀਤੇ ਜਾਣ ਮਗਰੋਂ ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੱਖਰਾ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਦੋਂ ਕਿ ਸਿੱਖ ਧਰਨਾਕਾਰੀਆਂ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ।

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਮਾਮਲੇ ਵਿੱਚ ਜਾਂਚ ਕਰ ਰਹੀ SIT ਵੱਲੋਂ ਪਿਛਲੇ ਦਿਨੀਂ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ। ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਸੀ । ਇਸ ਤੋਂ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂਘਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਉੱਪਰ ਪੁਲਿਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ।