ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੌਜੂਦਾ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਕਾਲਜ ’ਚ ਬਿਹਾਰ ਦੇ ਵਿਦਿਆਰਥੀਆਂ ਨਾਲ ਸੁਰੱਖਿਆ ਕਰਮਚਾਰੀਆਂ ਦੀ ਹਿੰਸਕ ਝੜਪ ਹੋ ਗਈ ਸੀ। ਇਸ ਮਗਰੋਂ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ ਮੁੰਡਿਆਂ ਦੇ ਹੋਸਟਲ ਵਿੱਚ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਵਿਦਿਆਰਥੀਆਂ ਤੇ ਸੁਰੱਖਿਆ ਕਰਮਚਾਰੀਆਂ ਵਿੱਚ ਵਿਵਾਦ ਹੋ ਗਿਆ ਜੋ ਹਿੰਸਕ ਝੜਪ ਦਾ ਰੂਪ ਧਾਰਨ ਕਰ ਗਿਆ।
ਮੁਜ਼ਾਹਰੇ ਦੀ ਅਗਵਾਈ ਕਰਦੇ ਹੋਏ ਭਾਜਪਾ ਆਗੂ ਪਰਦੀਪ ਗਰਗ ਨੇ ਕਾਲਜ ਪ੍ਰਸ਼ਾਸਨ ’ਤੇ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਇਆ ਨਾ ਕਰਵਾਉਣ ਦੇ ਦੋਸ਼ ਲਗਾਏ। ਇਸ ਮੌਕੇ ਬਿਹਾਰ ਮੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਸ਼ਹੀਦੀ ਸਭਾ ਦੌਰਾਨ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਕਾਲਜ ਕੈਂਪਸ ਵਿੱਚ ਭੜਕਾਊ ਭਾਸ਼ਨ ਦਿੱਤੇ ਸਨ, ਉਸ ਤੋਂ ਬਾਅਦ ਹੀ ਕਾਲਜ ਦਾ ਮਾਹੌਲ ਖ਼ਰਾਬ ਹੋਣਾ ਸ਼ੁਰੂ ਹੋ ਗਿਆ ਸੀ। ਇਸ ਹਿੰਸਕ ਝੜਪ ’ਚ ਬਿਹਾਰ ਮੂਲ ਦੇ ਦੋ ਵਿਦਿਆਰਥੀ ਅਤੇ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋਏ ਹਨ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਵਿਦਿਆਰਥੀਆਂ ਨੇ ਸੁਰੱਖਿਆ ਕਰਮੀ ’ਤੇ ਹਮਲਾ ਕਰਨ ਦੇ ਦੋਸ਼ ਲਾਏ ਹਨ। ਦੂਜੇ ਪਾਸੇ ਸੁਰੱਖਿਆ ਕਰਮੀਆਂ ਨੇ ਵਿਦਿਆਰਥੀਆਂ ’ਤੇ ਹਮਲੇ ਦੇ ਦੋਸ਼ ਲਗਾਏ ਹਨ।
ਇਸ ਮਗਰੋਂ ਡੀਸੀ ਪਰਨੀਤ ਸ਼ੇਰਗਿੱਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਸਣੇ ਪੁਲੀਸ ਪਾਰਟੀ ਕੈਂਪਸ ਵਿੱਚ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਅਤੇ ਕਾਲਜ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰ ਕੇ ਸਥਿਤੀ ਕਾਬੂ ਹੇਠ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਹੋਣ ਵਾਲਾ ਇਮਤਿਹਾਨ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ ਹੈ।
ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਨਾਲ ਨਿਯੰਤਰਨ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਜ਼ਿਲ੍ਹਾ ਪੁਲੀਸ ਮੁਖੀ ਭਾਰੀ ਸੁਰੱਖਿਆ ਬਲਾਂ ਨਾਲ ਕਾਲਜ ਕੈਂਪਸ ਵਿੱਚ ਹੀ ਹਾਜ਼ਰ ਸਨ।
ਕਾਲਜ ਕਮੇਟੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।