Punjab

ਪੰਜਾਬ ਦੀ ‘ਆਪ’ ਸਰਕਾਰ ਨੂੰ ਵੱਡਾ ਝਟਕਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਕੱਲ੍ਹ 22 ਸਤੰਬਰ ਨੂੰ ਸੱਦੇ ਗਏ ਖਾਸ ਇਜਲਾਸ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਭਰੋਸਗੀ ਮਤੇ ਲਈ ਸਪੈਸ਼ਲ ਇਜਲਾਸ ਨਹੀਂ ਹੋ ਸਕਦਾ। ਰਾਜਪਾਲ ਨੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ, ਰਾਜਪਾਲ ਨੇ 20 ਤਾਰੀਕ ਨੂੰ ਇਜਲਾਸ ਸੱਦਣ ਦੀ ਸਹਿਮਤੀ ਦਿੱਤੀ ਸੀ।

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖਕੇ ਭਲਕੇ ਹੋਣ ਵਾਲੀ ਵਿਧਾਨ ਸਭਾ ਦੀ ਗੈਰ-ਸੰਵਿਧਾਨਕ ਕਾਰਵਾਈ ਨਾ ਹੋਣ ਦੇ ਅਪੀਲ ਕੀਤੀ ਸੀ। ਖਹਿਰਾ ਨੇ ਇਸਦਾ ਕਾਰਨ ਦੱਸਦਿਆਂ ਲਿਖਿਆ ਸੀ ਕਿ ਕਾਰੋਬਾਰੀ ਨਿਯਮਾਂ ਤਹਿਤ ਭਰੋਸੇ ਦੇ ਮਤੇ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਦੇ ਨਾਲ ਹੀ ਮੌਜੂਦਾ ਸਪੀਕਰ ਕੁਲਤਾਰ ਸਿੰਘ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੈਰ ਜ਼ਮਾਨਤੀ ਵਾਰੰਟਾਂ ਦਾ ਸਾਹਮਣਾ ਕਰ ਰਹੇ ਹਨ, ਇਸ ਲਈ ਉਹ ਪ੍ਰਧਾਨਗੀ ਨਹੀਂ ਕਰ ਸਕਦੇ।

ਮਾਨ ਸਰਕਾਰ ਵੱਲੋਂ ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਸੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤਾ ਹਾਸਲ ਕਰਨ ਤੋਂ ਇਲਾਵਾ ਪਾਰਟੀ ’ਤੇ ਲੱਗ ਰਹੇ  ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ ਸੀ।

‘ਆਪ੍ਰੇਸ਼ਨ ਲੋਟਸ’ ਦੇ ਰੌਲੇ ਕਾਰਨ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ। ਆਪ ਆਗੂਆਂ ਦਾ ਕਹਿਣਾ ਸੀ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੰਜਾਬ ਵਿਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਕਰੋੜਾਂ ਦੇ ਆਫ਼ਰ ਦੇ ਰਹੀ ਹੈ ਅਤੇ ਭਾਜਪਾ ਵਿਚ ਸ਼ਾਮਿਲ ਕਰਨਾ ਚਾਹੁੰਦੀ ਹੈ, ਜਿਸ ਤੋਂ ਬਾਅਦ ਸਿਆਸਤ ਵਿੱਚ ਭੂਚਾਲ ਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ ਕਿਉਂਕਿ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫ਼ਾਦਾਰ ਹਨ।