Punjab

ਸੂਬਾ ਸਰਕਾਰ ਨੇ ਮੰਗਿਆ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ ਮੰਗ ਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੁਆਰਾ ਨਿਯੁਕਤ ਕੀਤੇ ਆਊਟਸੋਰਸ ਕਰਮਚਾਰੀਆਂ ਅਤੇ ਉਨਾਂ ਦੇ ਠੇਕੇਦਾਰਾਂ/ਆਊਟਸੋਰਸਿੰਗ ਏਜੰਸੀਆਂ ਦੀ ਕੁੱਲ ਗਿਣਤੀ ਦੇ ਅੰਕੜਿਆਂ ਨੂੰ ਇਕੱਠਾ ਕਰਨ ਲਈ ਨਿਰਦੇਸ਼ ਦਿੱਤੇ ਹਨ।

ਚੀਮਾ ਨੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ‘ ਨਾਲ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁੱਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ।

ਆਊਟਸੋਰਸ ਮੁਲਾਜਮਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਚੀਮਾ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਕਾਰਪੋਰੇਸ਼ਨਾਂ, ਸੁਸਾਇਟੀਆਂ ਅਤੇ ਕਮੇਟੀਆਂ ਆਦਿ ਵੱਲੋਂ ਆਊਟਸੋਰਸ ਕੀਤੇ ਮੁਲਾਜ਼ਮਾਂ ਦਾ ਪੂਰਾ ਡਾਟਾ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਯੋਗਤਾ ਅਤੇ ਤਜ਼ਰਬੇ ਨੂੰ ਵੀ ਡਾਟਾ ਵਿੱਚ ਸ਼ਾਮਿਲ ਕੀਤਾ ਜਾਵੇਗਾ।

ਚੀਮਾ ਨੇ ਸਬੰਧਤ ਆਊਟਸੋਰਸਿੰਗ ਕੰਪਨੀਆਂ ਜਾਂ ਏਜੰਸੀਆਂ ਦੇ ਕਮਿਸ਼ਨ ਸਮੇਤ ਆਊਟਸੋਰਸਿੰਗ ਰਾਹੀਂ ਇਨਾਂ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ‘ਤੇ ਹੋਣ ਵਾਲੇ ਕੁੱਲ ਵਿੱਤੀ ਖਰਚੇ ਦੀ ਵੀ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ। ਮੋਰਚੇ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੇ ਸਾਰੇ ਜਾਇਜ਼ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਉਹ ਸਾਰੇ ਵਿਭਾਗਾਂ ਤੋਂ ਡਾਟਾ ਪ੍ਰਾਪਤ ਕਰਨ ਉਪਰੰਤ ਜਲਦੀ ਹੀ ਉਨਾਂ ਦੇ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ।