Punjab

ਸੂਬਾ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ!

ਬਿਉਰੋ ਰਿਪਰੋਟ – ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਸੂਬਾ ਸਰਕਾਰ ਝੋਨਾ ਖਰੀਦਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਕੀਤੀ ਮਿਟਿੰਗ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦੇਵੇਗੀ। ਉਮੀਦ ਹੈ ਕਿ ਕਿਸਾਨ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿਚ ਲੈ ਕੇ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਸੂਬੇ ਵਿਚ 32 ਲੱਖ ਹੈਕਟੇਅਰ ਹੇਠ ਝੋਨੇ ਦਾ ਰਕਬਾ ਹੈ ਅਤੇ ਪੰਜਾਬ ਸਰਕਾਰ ਵੱਲੋਂ 185 ਲੱਖ ਮੀਟਰਿਕ ਝੋਨੇ ਦੀ ਖਰੀਦ ਦਾ ਟਿਚਾ ਮਿਥਿਆ ਹੈ। ਇਸ ਸਬੰਧੀ ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਝੋਨੇ ਦੇ ਮੰਡੀਕਰਨ ਲਈ 41,378 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਇਸ ਸਬੰਧੀ ਮੁੱਖ ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸੀਜ਼ਨ ਲਈ A GRADE ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਝੋਨੇ ਦੀ ਖਰੀਦ ਪਨਗਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਫਸਲ ਦੀ ਚੁਕਾਈ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫਸਲ ਖਰੀਦਣ ਤੋਂ ਬਾਅਦ ਸਿੱਧੀ ਬੈਂਕ ਖਾਤਿਆਂ ਵਿਚ ਰਕਮ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਦੀ ਸੁਚਾਰੂ ਪ੍ਰਕਿਰਿਆ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਜਾ ਕੇ ਖੁਦ ਜਾਇਜ਼ਾ ਲੈਣ ਲਈ ਵੀ ਕਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਚੌਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਸਾਲ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਲਈ ਪਹਿਲਾਂ ਅਪਲਾਈ ਕਰਨ ਵਾਲੇ 750 ਮਿਲ ਮਾਲਕਾਂ ਨੂੰ ਨੀਤੀ ਮੁਤਾਬਕ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ –  ਦਿਲਜੀਤ ਨੇ ਪਹਿਲੀ ਵਾਰ ਆਪਣੇ ਪਰਿਵਾਰ ਬਾਰੇ ਦਿੱਤੀ ਜਾਣਕਾਰੀ! ਚਲਦੇ ਸ਼ੋਅ ‘ਚ ਹੋਇਆ ਭਾਵੁਕ