ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਨਲਿਨੀ ਸ੍ਰੀਹਰ ਸਮੇਤ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਜੇਕਰ ਰਾਜਪਾਲ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕ ਰਹੇ ਤਾਂ ਅਸੀਂ ਚੁੱਕ ਰਹੇ ਹਾਂ।
ਅਦਾਲਤ ਨੇ ਕਿਹਾ ਹੈ ਕਿ ਦੋਸ਼ੀ ਪੇਰਾਰੀਵਲਨ ਦੀ ਰਿਹਾਈ ਦਾ ਹੁਕਮ ਬਾਕੀ ਦੋਸ਼ੀਆਂ ‘ਤੇ ਵੀ ਲਾਗੂ ਹੋਵੇਗਾ। ਸੁਪਰੀਮ ਕੋਰਟ ਨੇ ਇਹ ਫੈਸਲਾ ਦੋਸ਼ੀਆਂ ਨਲਿਨੀ ਅਤੇ ਆਰਪੀ ਰਵੀਚੰਦਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਦਿੱਤਾ ਹੈ।
ਇਸ ਦੇ ਨਾਲ ਹੀ,ਸੁਣਵਾਈ ਦੌਰਾਨ ਤਾਮਿਲਨਾਡੂ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਖਲ ਕੀਤਾ ਸੀ ਤੇ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਸਮਰਥਨ ਕੀਤਾ ਸੀ। ਨਲਿਨੀ ਸ੍ਰੀਹਰ ਅਤੇ ਆਰਪੀ ਰਵੀਚੰਦਰਨ ਨੇ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਦਰਾਸ ਹਾਈ ਕੋਰਟ ਨੇ 17 ਜੂਨ ਨੂੰ ਦੋਸ਼ੀਆਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ।
ਦੋਨਾਂ ਦੋਸ਼ੀਆਂ ਨੇ ਆਪਣੀ ਪਟੀਸ਼ਨ ਵਿੱਚ ਏਜੀ ਪੇਰਾਰੀਵਲਨ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਆਪਣੀ ਰਿਹਾਈ ਦੀ ਮੰਗ ਕੀਤੀ ਸੀ।ਜਿਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ, ਉਨ੍ਹਾਂ ਵਿੱਚ ਨਲਿਨੀ, ਰਵੀਚੰਦਰਨ, ਮੁਰੂਗਨ, ਸੰਤਨ, ਜੈਕੁਮਾਰ ਅਤੇ ਰਾਬਰਟ ਪੋਇਸ ਸ਼ਾਮਲ ਹਨ।
ਸੁਪਰੀਮ ਕੋਰਟ ਨੇ ਕਿਹਾ ਕਿ ਫੈਸਲੇ ਵਿੱਚ ਇਹਨਾਂ ਦੇ ਜੇਲ੍ਹ ਵਿੱਚ ਵਿਹਾਰ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਹਕੀਕਤ ਇਹ ਹੈ ਕਿ ਉਸ ਨੇ 30 ਸਾਲ ਤੋਂ ਵੱਧ ਜੇਲ੍ਹ ਵਿਚ ਬਿਤਾਏ ਹਨ।
ਮਜੀਠੀਆ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ
ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਦੇ ਮਾਮਲੇ ਉੱਤੇ ਮਜੀਠੀਆ ਨੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਦੋਹਰੇ ਮਾਪਦੰਡ ਨਹੀਂ ਹੋ ਸਕਦੇ। ਜੇ ਇਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਮਜੀਠੀਆ ਨੇ ਕਿਹਾ ਕਿ ਮੁਖਤਾਰ ਅੰਸਾਰੀ ਦੇ ਕੇਸ ਨੂੰ ਰਫਾ ਦਫਾ ਕਰਨ ਦੀ ਤਿਆਰੀ ਚੱਲ ਪਈ ਹੈ।