The Khalas Tv Blog India ਮੋਦੀ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਮੁੜ ਗੱਲਬਾਤ ਲਈ ਦਿੱਲੀ ਸੱਦਿਆ
India Punjab

ਮੋਦੀ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਮੁੜ ਗੱਲਬਾਤ ਲਈ ਦਿੱਲੀ ਸੱਦਿਆ

‘ਦ ਖ਼ਾਲਸ ਬਿਊਰੋ :- ਕਿਸਾਨ ਜਥੇਬੰਦੀਆਂ ਨੂੰ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜਾਬ ਬੀਜੇਪੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ‘3 ਦਸੰਬਰ ਨੂੰ ਭਾਰਤ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਚੰਗੇ ਨਤੀਜੇ ਨਿਕਲਣਗੇ।’

31 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਅੱਜ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਅਨੁਸਾਰ ਇਹ ਮੀਟਿੰਗ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕੀਤੀ ਜਾਵੇਗੀ। ਮੀਟਿੰਗ ਲਈ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ ਤੇ ਇਹ ਮੀਟਿੰਗ ਹਾਲ ਨੰਬਰ ਦੋ ਪਹਿਲੀ ਮੰਜ਼ਿਲ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਵੇਗੀ।

ਭਾਰਤ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ  ਤੋਂ ਠੀਕ ਪਹਿਲਾਂ ਲਿਆ ਗਿਆ ਹੈ। ਫਿਲਹਾਲ ਕਿਸਾਨਾਂ ਦਾ ਇਸ ‘ਤੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਕਿ ਉਹ ਕੇਂਦਰ ਸਰਕਾਰ ਨਾਲ ਮੁੜ ਤੋਂ ਗੱਲਬਾਤ ਲਈ ਜਾਣਗੇ ਜਾਂ ਨਹੀਂ।

ਕਿਸਾਨ ਜਥੇਬੰਦੀਆਂ ਨੇ ਯਾਤਰੀ ਰੇਲਾਂ ਨੂੰ ਮਨਜ਼ੂਰੀ ਦੇਣ ਵੇਲੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਮੁੜ ਤੋਂ ਗੱਲਬਾਤ ਨਹੀਂ ਕੀਤੀ ਤਾਂ ਉਹ 15 ਦਿਨ ਬਾਅਦ ਮੁੜ ਤੋਂ ਰੇਲ ਪਟੜੀਆਂ ‘ਤੇ ਬੈਠ ਜਾਣਗੇ।

ਇਸ ਤੋਂ ਪਹਿਲਾਂ 13 ਨਵੰਬਰ ਨੂੰ ਕਿਸਾਨ ਲੀਡਰਾਂ ਦੀ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਗੱਲਬਾਤ  ਹੋਈ ਸੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਖੇਤੀ ਕਾਨੂੰਨ ‘ਤੇ ਪੂਰੇ ਦੇਸ਼ ਦੇ ਕਿਸਾਨਾਂ ਦੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਖੇਤੀ ਬਾੜੀ ਮੰਤਰੀ ਨੇ ਕਿਹਾ ਸੀ ਕਿ ਖੇਤੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਅਤੇ ਭਾਰਤ ਸਰਕਾਰ ਦੀ ਸੋਚ ਵਿੱਚ ਪਾੜਾ ਕਾਫ਼ੀ ਵੱਡਾ ਹੈ, ਜਿਸ ਨੂੰ ਇੱਕ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਜਾਵੇਗਾ, ਪਰ ਉਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ, ਜਿਸ ਤੋਂ ਨਰਾਜ਼ ਕਿਸਾਨ ਜਥੇਬੰਦੀਆਂ ਨੇ 15 ਦਿਨ ਦਾ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ।

Exit mobile version