‘ਦ ਖ਼ਾਲਸ ਬਿਊਰੋ : ਸ਼ਨੀਵਾਰ ਦੇਰ ਰਾਤ ਕਤਲ ਕੀਤੇ ਗਏ ਸਾਬਕਾ ਸੰਸਦ ਮੈਂਬਰ ਅਤੇ ਬਾਹੁਬਲੀ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਦੀ ਜਾਂਚ ਲਈ ਸੁਤੰਤਰ ਮਾਹਿਰ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਸ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ‘ਚ ਇਕ ਮਾਹਿਰ ਕਮੇਟੀ ਦਾ ਗਠਨ ਕੀਤਾ ਜਾਵੇ।
ਇਹ ਪਟੀਸ਼ਨ ਐਡਵੋਕੇਟ ਵਿਸ਼ਾਲ ਤਿਵਾਰੀ ਨੇ ਦਾਇਰ ਕੀਤੀ ਹੈ ਅਤੇ ਇਸ ‘ਚ ਉਨ੍ਹਾਂ ਨੇ 2017 ਤੋਂ ਲੈ ਕੇ ਹੁਣ ਤੱਕ ਯੂਪੀ ਵਿੱਚ ਹੋਏ 183 ਪੁਲੀਸ ਮੁਕਾਬਲਿਆਂ ਦੀ ਜਾਂਚ ਦੀ ਮੰਗ ਵੀ ਕੀਤੀ ਹੈ।
ਦਰਅਸਲ, ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਲੰਘੇ ਸ਼ਨੀਵਾਰ ਨੂੰ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਨ੍ਹਾਂ ਦੇ ਭਰਾ ਅਸ਼ਰਫ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਹਮਲਾਵਰ ਪੱਤਰਕਾਰ ਬਣ ਕੇ ਆਏ ਸਨ ਅਤੇ ਤਿੰਨੋਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਉੱਚ ਪੱਧਰੀ ਬੈਠਕ ਕੀਤੀ ਅਤੇ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਵੀ ਕੀਤਾ ਗਿਆ।