‘ਦ ਖ਼ਾਲਸ ਬਿਊਰੋ : ਲੋਕ ਸਭਾ ਵਿੱਚ ਕੱਲ੍ਹ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਕਾਰਨ ਚੀਨ ਅਤੇ ਪਾਕਿਸਤਾਨ ਇੱਕ-ਦੂਸਰੇ ਦੇ ਕਰੀਬ ਆ ਰਹੇ ਹਨ। ਇਸ ਬਿਆਨ ਨੂੰ ਲੈ ਕੇ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਉਹ ਇਨ੍ਹਾਂ ਟਿੱਪਣੀਆਂ ਦਾ ਸਮਰਥਨ ਨਹੀਂ ਕਰਦੇ। ਪ੍ਰਾਈਸ ਨੂੰ ਇੱਕ ਸਵਾਲ ਪੁੱਛਿਆ ਗਿਆ ਸੀ ਕਿ ਭਾਰਤ ਦੀ ਵਿਰੋਧੀ ਪਾਰਟੀ ਦੇ ਲੀਡਰ ਰਾਹੁਲ ਗਾਂਧੀ ਨੇ ਸੰਸਦ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਅਸਰ ਵਿਦੇਸ਼ ਨੀਤੀ ਦੇ ਕਰਕੇ ਪਾਕਿਸਤਾਨ ਅਤੇ ਚੀਨ ਵਿਚਕਾਰ ਪਹਿਲਾਂ ਦੇ ਮੁਕਾਬਲੇ ਨਜ਼ਦੀਕੀ ਵਧੀ ਹੈ। ਇਸ ਬਿਆਨ ‘ਤੇ ਅਮਰੀਕਾ ਦੀ ਕੀ ਰਾਏ ਹੈ ?
ਦਰਅਸਲ, 2 ਫਰਵਰੀ ਨੂੰ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਭਾਸ਼ਣ ਦਿੰਦਿਆਂ ਕੇਂਦਰ ਸਰਕਾਰ ‘ਤੇ ਪਾਕਿਸਤਾਨ ਅਤੇ ਚੀਨ ਨੂੰ ਇਕੱਠੇ ਕਰਨ ਦਾ ਦੋਸ਼ ਲਾਇਆ ਸੀ ਜਿਸ ਤੋਂ ਬਾਅਦ ਕੇਂਦਰੀ ਮੰਤਰੀਆਂ ਨੇ ਇਸ ਦਾਅਵੇ ਨੂੰ ਲੈ ਕੇ ਰਾਹੁਲ ਗਾਂਧੀ ਦੀ ਖੂਬ ਆਲੋਚਨਾ ਕੀਤੀ। ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਵੀ ਰਾਹੁਲ ਗਾਂਧੀ ਦੇ ਇਸ ਦਾਅਵੇ ਨੂੰ ਲੈ ਕੇ ਸਵਾਲ ਉਠਾਏ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਰਤ ਦੀ ਵਿਦੇਸ਼ ਨੀਤੀ ਦਾ ਇਕਮਾਤਰ ਸਭ ਤੋਂ ਵੱਡਾ ਰਣਨੀਤਿਕ ਉਦੇਸ਼ ਪਾਕਿਸਤਾਨ ਅਤੇ ਚੀਨ ਨੂੰ ਅਲੱਗ ਰੱਖਣਾ ਹੈ। ਮੋਦੀ ਸਰਕਾਰ ਉਨ੍ਹਾਂ ਨੇ ਉਨ੍ਹਾਂ ਨੂੰ ਇਕੱਠਾ ਕੀਤਾ ਹੈ ਅਤੇ ਇਹ ਭਾਰਤ ਦੇ ਲੋਕਾਂ ਖ਼ਿਲਾਫ਼ ਹੋਣ ਵਾਲਾ ਸਭ ਤੋਂ ਵੱਡਾ ਅਪਰਾਧ ਹੈ।