Punjab

ਵੀਸੀ ਡਾ ਰਾਜ ਬਹਾਦਰ ਨੇ ਮੋੜਿਆ ਲਾਣਾ

ਦ ਖ਼ਾਲਸ ਬਿਊਰੋ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ (ਵੀਸੀ) ਡਾ ਰਾਜ ਬਹਾਦਰ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਕਾਰ ਅਤੇ ਗੰਨਮੈਨ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਸਮੇਤ ਇਹ ਸਹੂਲਤਾਂ ਦਿੱਤੀਆਂ ਸਨ। ਦੂਜੇ ਬੰਨੇ ਛੇ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਉਨ੍ਹਾਂ ਦੇ ਅਸਤੀਫੇ ‘ਤੇ ਕੋਈ ਫੈਸਲਾ ਨਹੀਂ ਲਿਆ ਹੈ।

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ (ਵੀਸੀ) ਡਾ ਰਾਜ ਬਹਾਦਰ

ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਮੈਡੀਕਲ ਕਾਲਜ ਵਿੱਚ ਚੈਕਿੰਗ ਕਰਨ ਗਏ ਸਨ। ਹਸਪਤਾਲ ਵਿੱਚ ਗੰਦਗੀ ਦੇਖ ਕੇ ਸਿਹਤ ਮੰਤਰੀ ਗੁੱਸੇ ਵਿੱਚ ਆ ਗਏ ਤੇ ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।

ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕੀਤੀ ਸੀ  ਤੇ ਵੀਸੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਸਨ। ਸਿਹਤ ਮੰਤਰੀ ਦੇ ਇਸ ਵਤੀਰੇ ਤੋਂ ਨਾਰਾਜ਼ ਵੀ.ਸੀ ਡਾ: ਰਾਜ ਬਹਾਦਰ ਨੇ ਵੀ ਦੇਰ ਨਹੀਂ ਕੀਤੀ ਤੇ ਰਾਤ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ।

ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਉੱਤੇ ਉਹਨਾਂ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ ਲਾਏ ਹਨ।ਜਿਸ ਤੋਂ ਵਾਈਸ ਚਾਂਸਲਰ ਬਹੁਤ ਨਿਰਾਸ਼ ਹੋਏ ਹਨ ਤੇ ਉਹਨਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਸ ਨੂੰ ਜ਼ਿੰਦਗੀ ਵਿੱਚ ਅਜਿਹੇ ਵਿਵਹਾਰ ਦਾ ਸਾਹਮਣਾ ਕਰਨਾ ਪਿਆ ਹੋਵੇ।