Punjab

ਵਿਜੀਲੈਂਸ ਨੇ ਐਮ ਪੀ ਬਿੱਟੂ ਦੀ ਮਰੋੜੀ ਬਾਂਹ

ਦ ਖ਼ਾਲਸ ਬਿਊਰੋ : ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦਰਜ ਕਰ ਲਈ ਹੈ।ਉਹਨਾਂ ਤੇ ਸਰਕਾਰੀ ਕਾਰਵਾਈ ਵਿੱਚ ਵਿਘਨ ਪਾਉਣ ਦਾ ਦੋ ਸ਼ ਲੱਗਾ ਹੈ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਹੁਣ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਹਾਲੇ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕਟਿੰਗ ਵਿੱਚ ਦੁਕਾਨ ਵਿਚੋਂ ਵਾਲ ਕਟਵਾਉਂਦੇ ਹੋਏ ਗ੍ਰਿਫਤਾਰ ਕੀਤਾ ਸੀ ਤੇ ਇਸ ਕਾਰਵਾਈ ਦੇ ਦੌਰਾਨ ਉਥੇ ਪਹਿਲਾਂ ਤੋਂ ਹੀ ਮੌਜੂਦ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਵਿਜੀਲੈਂਸ ਟੀਮ ਨਾਲ ਕਾਫੀ ਸਮਾਂ ਬਹਿਸ ਕੀਤੀ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

ਉਨ੍ਹਾਂ ਵਿਜੀਲੈਂਸ ਨੂੰ ਪਹਿਲਾਂ ਗ੍ਰਿਫ਼ਤਾਰੀ ਦਸਤਾਵੇਜ਼ ਦਿਖਾ ਕੇ ਫਿਰ ਗ੍ਰਿਫ਼ਤਾਰੀ ਲਈ ਕਿਹਾ ਸੀ, ਜਿਸ ਨੂੰ ਲੈ ਕੇ ਵਿਜੀਲੈਂਸ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਲਈ ਪੁਲਿਸ ਨੂੰ ਬਿੱਟੂ ਵਿਰੁੱਧ ਸ਼ਿਕਾਇਤ ਕੀਤੀ ਗਈ ਹੈ। ਇਸ ਸਾਰੀ ਘਟਨਾ ਦੀ ਵੀਡੀਓ ਮੋਬਾਈਲ ‘ਤੇ ਬਣਾਈ ਗਈ ਸੀ ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਕੁਝ ਨਿੱਜ਼ੀ ਚੈਨਲਾਂ ਤੇ ਇਸ ਸਬੰਧ ਵਿੱਚ ਖਬਰ ਚਲਾਈ ਜਾ ਰਹੀ ਹੈ।

 

ਉਧਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਉਹਨਾਂ ਨੂੰ 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ । ਆਸ਼ੂ ਖਿਲਾਫ ਇਹ ਕਾਰਵਾਈ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਭਾਰਤ ਭੂਸ਼ਣ ਆਸ਼ੂ ‘ਤੇ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਇਲਜ਼ਾਮ ਹਨ। ਆਪਣੇ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦੇਰ ਰਾਤ ਕਾਂਗਰਸ ਵੱਲੋਂ ਵਿਜੀਲੈਂਸ ਦਫਤਰ ਦਾ ਘਿਰਾਓ ਵੀ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸਤੋਂ ਪਹਿਲਾਂ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਵੀ ਵਿਜੀਲੈਂਸ ਨੂੰ ਚੋਰ ਕਿਹਾ ਅਤੇ ਬਹਿਸ ਕਰਦੇ ਹੋਏ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।

ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
ਰਾਜਾ ਵੜਿੰਗ ਨੇ ਕਿਹਾ ਕਿ ਚੋਰਾਂ ਵਾਂਗ ਗ੍ਰ੍ਰਿਫ਼ਤਾਰ ਕਰਨ ਦੀ ਥਾਂ ‘ਤੇ ਵਿਜੀਲੈਂਸ ਪਹਿਲਾਂ ਉਨ੍ਹਾਂ ਕੋਲੋਂ ਪੁੱਛਗਿਛ ਕਰਦੀ ਅਤੇ ਫਿਰ ਕਿਸੇ ਨਤੀਜੇ ‘ਤੇ ਪੁੱਜ ਕੇ ਗ੍ਰਿਫ਼ਤਾਰ ਕਰਦੇ, ਪਰੰਤੂ ਲੁਧਿਆਣਾ ਆ ਕੇ ਗ੍ਰਿਫਤਾਰ ਕਰਨਾ ਕੋਈ ਚੰਗੀ ਗੱਲ ਨਹੀਂ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਹਾਲਾਂਕਿ ਕਈ ਦਿਨ ਪਹਿਲਾਂ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਭਿਸ਼੍ਰਟਾਚਾਰ ਮਾਮਲੇ ‘ਚ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਜੇ ਅਦਾਲਤ ਨੇ ਰੱਦ ਕਰ ਦਿੱਤੀ ਸੀ।