Punjab

ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ ਨੂੰ ਪਾਇਆ ਚਿੰਤਾ ‘ਚ,ਵਾਢੀ ‘ਚ ਹੋ ਸਕਦੀ ਹੈ ਦੇਰੀ

ਚੰਡੀਗੜ੍ਹ : ਪੂਰੇ ਪੰਜਾਬ ਵਿੱਚ ਕੱਲ ਦੇਰ ਸ਼ਾਮ ਤੋਂ ਚੱਲ ਰਹੀ ਹਨੇਰੀ ਤੇ ਮੀਂਹ ਕਾਰਨ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕਣਕ ਦੀ ਵਾਢੀ ਦੋ ਹਫ਼ਤੇ ਪਛੜ ਗਈ ਹੈ। ਭਾਵੇਂ ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਸ ਦੇ ਖਰੀਦ ਕੇਂਦਰ 1 ਅਪਰੈਲ ਤੋਂ ਕਣਕ ਦੀ ਖਰੀਦ ਲਈ ਤਿਆਰ ਹਨ ਪਰ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਨੂੰ ਦੇਖਦੇ ਹੋਏ 15 ਅਪਰੈਲ ਤੋਂ ਬਾਅਦ ਹੀ ਕਣਕ ਦੀ ਵਾਢੀ ਸ਼ੁਰੂ ਹੋ ਸਕੇਗੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੱਲ ਇਹ ਜਾਣਕਾਰੀ ਦਿੱਤੀ ਸੀ ਕਿ ਭਾਰਤੀ ਰਿਜ਼ਰਵ ਬੈਂਕ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਦਿੱਤੀ ਗਈ ਹੈ ਤੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।ਇਸ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪਰ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖ ਬਾਣੀ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਅਨੁਸਾਰ ਅੱਜ ਯਾਨੀ 31 ਮਾਰਚ ਨੂੰ ਪੰਜਾਬ ਭਰ ਵਿਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਦੋਂ ਕਿ ਪਹਿਲੀ ਅਪਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ।

ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ।

ਆਈ.ਐਮ.ਡੀ .ਮੁਤਾਬਕ ਅਗਲੇ ਦੋ ਦਿਨਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਚੰਡੀਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿਚ ਗਰਜ ਨਾਲ ਗੜ੍ਹੇਮਾਰੀ ਅਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਦੱਸ ਦਈਏ ਕਿ ਪਿਛਲੇ ਹਫਤੇ ਪਏ ਬੇਮੌਸਮੇਂ ਮੀਂਹ ਨੇ ਦੇਸ਼ ਦੇ ਕਈ ਸੂਬਿਆਂ ਦੇ ਵਿਚ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪਾਣੀ ਭਰਨ ਨਾਲ ਕਣਕ ਦੇ ਝਾੜ ਵਿਚ ਭਾਰੀ ਕਮੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਦਲਦੇ ਮੌਸਮ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ । ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ।