India

ਭਲਵਾਨਾਂ ਦੀ ਮਹਾਪੰਚਾਇਤ ਕੱਲ ਨੂੰ, ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਦੇ ਵਿਗੜੇ ਬੋਲ

ਦਿੱਲੀ : ਮਹਿਲਾ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਛੇੜਛਾੜ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਦਿੱਲੀ,  ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਕੱਲ 28 ਮਈ ਨੂੰ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਹੈ, ਜਿਥੇ ਮਹਿਲਾ ਸਨਮਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਨੇ ਵੀ ਵੱਡੇ ਪੱਧਰ ‘ਤੇ ਸ਼ਾਮਲ ਹੋਣ ਦੀ ਹਾਮੀ ਭਰੀ ਹੈ।

ਜ਼ਿਕਰਯੋਗ ਹੈ ਕਿ ਕੱਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਦੇਸ਼ ਦੀ ਨਵੀਂ ਸੰਸਦ ਇਮਾਰਤ ਦਾ ਉਦਘਾਟਨ ਕਰ ਰਹੇ ਹਨ, ਜਿਸ ਕਾਰਣ ਪੁਲੀਸ ਨੇ ਮਹਾਪੰਚਾਇਤ ਲਈ ਮਨਜ਼ੂਰੀ ਨਹੀਂ ਦਿੱਤੀ ਹੈ। ਪੁਲੀਸ ਵੱਲੋਂ 28 ਮਈ ਨੂੰ ਦਿੱਲੀ ਦੀਆਂ ਹੱਦਾਂ ਸੀਲ ਕੀਤੀਆਂ ਜਾ ਸਕਦੀਆਂ ਹਨ। ਉਲੰਪੀਅਨ ਪਹਿਲਵਾਨ ਸਾਕਸ਼ੀ ਮਲਿਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਹਾਪੰਚਾਇਤ ਵਿੱਚ ਖਾਪਾਂ ਸਮੇਤ ਕਿਸਾਨ-ਮਜ਼ਦੂਰ ਜਥੇਬੰਦੀਆਂ, ਮਹਿਲਾ ਸੰਗਠਨ ਤੇ ਨੌਜਵਾਨ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮਹਾਪੰਚਾਇਤ ਸ਼ਾਂਤਮਈ ਢੰਗ ਨਾਲ ਕੀਤੀ ਜਾਵੇਗੀ ਅਤੇ ਜੇਕਰ ਕੋਈ ਜਬਰ-ਜ਼ੁਲਮ ਹੋਇਆ ਤਾਂ ਉਸ ਦਾ ਸਾਹਮਣਾ ਕੀਤਾ ਜਾਵੇਗਾ।

https://twitter.com/SakshiMalik/status/1662323551238754305?s=20

ਉਨ੍ਹਾਂ ਕਿਹਾ ਖਾਪ ਪੰਚਾਇਤਾਂ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ 28 ਮਈ ਨੂੰ 11 ਵਜੇ ਸਿੰਘੂ ਬਾਰਡਰ ’ਤੇ ਇਕੱਠੀਆਂ ਹੋਣਗੀਆਂ ਜਦਕਿ ਯੂਪੀ ਦੀਆਂ ਖਾਪ ਪੰਚਾਇਤਾਂ ਗਾਜ਼ੀਪੁਰ ਬਾਰਡਰ ’ਤੇ ਜੁੜਨਗੀਆਂ। ਇਸ ਦੌਰਾਨ ਸਮਾਜਿਕ ਤੇ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਸ਼ਬਨਮ ਹਾਸ਼ਮੀ ਨੇ ਧਰਨੇ ਵਿੱਚ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਖ਼ਿਲਾਫ਼ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਵਿਚਾਲੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਦਾ ਵਿਵਾਦਤ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅੰਦੋਲਨ ਦਿੱਲੀ ਤੋਂ ਪੰਜਾਬ ਅਤੇ ਖਾਲਿਸਤਾਨ ਵੱਲ ਜਾ ਰਿਹਾ ਹੈ। ਉਸ ਨੇ ਕਿਹਾ ਕਿ ਬਜਰੰਗ ਪੂਨੀਆ ਕਿਸੇ ਹੋਰ ਦੀ ਬੋਲੀ ਬੋਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਨ ’ਤੇ ਸੱਤ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ ਅਤੇ ਉਸ ਖ਼ਿਲਾਫ਼ ਇਕ ਕੇਸ ਪੋਕਸੋ ਐਕਟ ਤਹਿਤ ਵੀ ਦਰਜ ਕੀਤਾ ਗਿਆ ਹੈ।