Punjab

MP ਪ੍ਰਨੀਤ ਨੂੰ ਕਾਂਗਰਸ ਪਾਰਟੀ ਚੋਂ ਕੱਢਣ ਦੀ ਉੱਠੀ ਮੰਗ, ਇਸ ਵਜ੍ਹਾ ਕਰਕੇ ਆਗੂਆਂ ਨੇ ਖੋਲਿਆ ਮੋਰਚਾ

MP  Praneet Kaur

ਪੰਜਾਬ ਵਿੱਚ ਕਾਂਗਰਸੀਆਂ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Former Chief Minister Captain Amarinder Singh) ਦੀ ਪਤਨੀ ਐਮਪੀ ਪ੍ਰਨੀਤ  ਕੌਰ(C )ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ। ਮੀਟਿੰਗ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਹੋਈ।

ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਪਾਰਟੀ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਦਰਅਸਲ, ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਹਟਾਉਂਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਿਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਕਾਂਗਰਸ ਉਨ੍ਹਾਂ ਨੂੰ ਹਟਾ ਨਹੀਂ ਰਹੀ ਹੈ ਅਤੇ ਪ੍ਰਨੀਤ ਖੁਦ ਪਾਰਟੀ ਨਹੀਂ ਛੱਡ ਰਹੇ ਹਨ।

ਇਸ ਤੋਂ ਪਹਿਲਾਂ ਵੀ ਬਾਜਵਾ ਨੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੂੰ ਕਾਂਗਰਸ ਦਾ ਖਹਿੜਾ ਛੱਡਣ ਦੀ ਅਪੀਲ ਵੀ ਕੀਤੀ ਸੀ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ ਅਤੇ ਉਹ ਸਿਰਫ਼ ਲੋਕ ਸਭਾ ਮੈਂਬਰੀ ਬਚਾਉਣ ਲਈ ਹੀ ਪਾਰਟੀ ਨਾਲ ਜੁੜੇ ਹੋਏ ਹਨ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਦਾ ਇਖਲਾਕੀ ਫ਼ਰਜ਼ ਬਣਦਾ  ਹੈ ਕਿ ਉਹ ਹੁਣ ਕਾਂਗਰਸ ਦਾ ਖਹਿੜਾ ਛੱਡ ਦੇਣ।

ਬਾਜਵਾ ਨੇ ਕਿਹਾ ਸੀ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ ਅਤੇ ਪਾਰਟੀ ਮਜਬੂਤ ਉਮੀਦਵਾਰ ਉਨ੍ਹਾਂ ਦੇ ਖਿਲਾਫ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੀ ਹੈ। ਕਾਂਗਰਸ ਪਾਰਟੀ ਆਪਣਾ ਮਜ਼ਬੂਤ ਉਮੀਦਵਾਰ ਖੜ੍ਹਾ ਕਰਕੇ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਹੋਣ ਦੀ ਵੀ ਚਰਚਾ ਹੈ। ਇਸ ਦੇ ਨਾਲ ਹੀ ਸੰਗਠਨ ‘ਚ ਬਦਲਾਅ ਦੌਰਾਨ ਕੈਪਟਨ ਨੂੰ ਭਾਜਪਾ ‘ਚ ਵੀ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ।