Punjab

ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਕਿਸਾਨ ਅੱਜ ਕਰਨਗੇ ਦਿੱਲੀ ਕੂਚ…

there-was-a-meeting-between-the-center-and-the-farmers-the-farmers-will-march-to-delhi-today

ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਸੋਮਵਾਰ ਸ਼ਾਮ 6.30 ਵਜੇ ਸ਼ੁਰੂ ਹੋਈ ਗੱਲਬਾਤ ਸਾਢੇ ਪੰਜ ਘੰਟੇ ਬਾਅਦ ਵੀ ਬੇਸਿੱਟਾ ਰਹੀ। ਐੱਮ ਐੱਸ ਪੀ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫ਼ੀ ਬਾਰੇ ਸਹਿਮਤੀ ਨਹੀਂ ਬਣ ਸਕੀ। ਸਰਕਾਰ ਦੀ ਤਰਫ਼ੋਂ ਕੇਂਦਰੀ ਖ਼ੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਗੱਲਬਾਤ ਵਿੱਚ ਮੌਜੂਦ ਸਨ।

ਕਿਸਾਨਾਂ ਦੀ ਤਰਫ਼ੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਸਮੇਤ 13 ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਪੰਜਾਬ ਸਰਕਾਰ ਦੀ ਵੱਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਬਾਹਰ ਆਉਂਦਿਆਂ ਹੀ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਅੱਜ 10 ਵਜੇ 10 ਹਜ਼ਾਰ ਟਰੈਕਟਰ ਟਰਾਲੀਆਂ ਨਾਲ ਦਿੱਲੀ ਵੱਲ ਮਾਰਚ ਕਰਨਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਗੱਲਬਾਤ ਲਈ ਤਿਆਰ ਹਨ ਅਤੇ ਜਦੋਂ ਵੀ ਕੇਂਦਰ ਸਰਕਾਰ ਗੱਲਬਾਤ ਲਈ ਬੁਲਾਵੇਗੀ ਤਾਂ ਅਸੀਂ ਜ਼ਰੂਰ ਜਾਵਾਂਗੇ।

ਪੰਧੇਰ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕੋਲ ਕੋਈ ਤਜਵੀਜ਼ ਨਹੀਂ ਹੈ ਅਤੇ ਸਿਰਫ਼ ਸਮਾਂ ਲੰਘਾਉਣਾ ਚਾਹੁੰਦੀ ਹੈ। ਅਸੀਂ ਪੂਰੀ ਕੋਸ਼ਿਸ਼ ਕੀਤੀ ਅਤੇ ਮੰਤਰੀਆਂ ਨਾਲ ਲੰਬੀ ਗੱਲਬਾਤ ਕੀਤੀ ਪਰ ਕੋਈ ਫ਼ੈਸਲਾ ਨਹੀਂ ਹੋ ਸਕਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮੰਗਲਵਾਰ ਸਵੇਰੇ 10 ਵਜੇ ਤੱਕ ਸਰਕਾਰ ਦੇ ਜਵਾਬ ਦੀ ਉਡੀਕ ਕਰਾਂਗੇ, ਜਿਸ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਾਂਗੇ।

ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਸਨ

1. ਸਵਾਮੀਨਾਥਨ ਰਿਪੋਰਟ ਮੁਤਾਬਕ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ

2.ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ

3.ਲਖੀਮਪੁਰ ਖੀਰੀ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ।

4. ਲਖੀਮਪੁਰ ਖੀਰੀ ਕਾਂਡ ਵਿੱਚ ਜ਼ਖ਼ਮੀ ਹੋਏ ਸਾਰੇ ਕਿਸਾਨਾਂ ਨੂੰ ਕੀਤੇ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ।

5. ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ

6. ਪਿਛਲੇ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦਿੱਤੀਆਂ ਜਾਣ

7. ਮਨਰੇਗਾ ਤਹਿਤ 200 ਦਿਨਾਂ ਦੀ ਦਿਹਾੜੀ ਮਿਲੇ

8.700 ਰੁਪਏ ਮਜ਼ਦੂਰੀ ਦੀ ਮੰਗ ਕੀਤੀ

9.ਸਰਕਾਰ ਫ਼ਸਲੀ ਬੀਮਾ ਖ਼ੁਦ ਕਰੇ

10. ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੇ ਹੋਣ ਤੋਂ ਬਾਅਦ ਪ੍ਰਤੀ ਮਹੀਨਾ 10,000 ਰੁਪਏ ਮਿਲਣ

11.ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕੀਤਾ ਜਾਵੇ