‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਭਾਜਪਾ ਅਤੇ ਆਰਐੱਸਐੱਸ ਦੇ ਸੱਤ ਸੀਨੀਅਰ ਲੀਡਰਾਂ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਗੁਪਤ ਪੱਤਰ ਭੇਜ ਕੇ ਇਨ੍ਹਾਂ ਲੀਡਰਾਂ ਨੂੰ ਮੁਹੱਈਆ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਲੀਡਰਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਕੇਂਦਰੀ ਸੁਰੱਖਿਆ ਏਜੰਸੀ ਨਾਲ ਵਿਚਾਰਨ ਮਗਰੋਂ ਇਹ ਫੈਸਲਾ ਲਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ 22 ਅਪ੍ਰੈਲ ਨੂੰ ਲਿਖੇ ਪੱਤਰ ਅਨੁਸਾਰ ਪੰਜਾਬ ਦੇ ਆਰਐੱਸਐੱਸ ਪ੍ਰਧਾਨ ਇਕਬਾਲ ਸਿੰਘ ਆਹਲੂਵਾਲੀਆ ਨੂੰ ਸੁਰੱਖਿਆ ਦੇਣ ਲਈ ਕਿਹਾ ਗਿਆ ਹੈ, ਜੋ ਕਿ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਬਾਰੇ ਲਿਖਿਆ ਗਿਆ ਹੈ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਆਹਲੂਵਾਲੀਆ ਵਿਦੇਸ਼ਾਂ ਵਿਚਲੇ ਖਾਲਿਸਤਾਨੀਆਂ ਦੀ ਹਿੱਟ ਲਿਸਟ ’ਤੇ ਹਨ। ਪੰਜਾਬ ਦੇ ਭਾਜਪਾ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਵੀ ਉਨ੍ਹਾਂ ਵਿਰੁੱਧ ਬੋਲਦੇ ਰਹੇ ਹਨ ਅਤੇ ਸਿੱਖ ਰੈਫਰੈਂਡਮ-2020 ਦਾ ਵਿਰੋਧ ਕਰਦੇ ਰਹੇ ਹਨ। ਇਸ ਲਈ ਪੱਤਰ ਵਿੱਚ ਉਨ੍ਹਾਂ ਨੂੰ ਵੀ ਸੁਰੱਖਿਆ ਦੇਣ ਦੇ ਲਈ ਕਿਹਾ ਗਿਆ ਹੈ।
ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਸੁਰੱਖਿਆ ਦੇਣ ਲਈ ਕਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲਾਲਪੁਰਾ ਦੇ ਸੇਵਾਮੁਕਤ ਡੀਆਈਜੀ ਇਕਬਾਲ ਸਿੰਘ ਲਾਲਪੁਰਾ ਨੂੰ ਸੁਰੱਖਿਆ ਦੇਣ ਲਈ ਵੀ ਹੁਕਮ ਦਿੱਤੇ ਹਨ, ਜੋ ਕਿ ਸਾਲ 2012 ਵਿੱਚ ਭਾਜਪਾ ’ਚ ਸ਼ਾਮਲ ਹੋਏ ਸਨ। ਇਕਬਾਲ ਸਿੰਘ ਲਾਲਪੁਰਾ ਜਦੋਂ 1981 ’ਚ ਤਰਨ ਤਾਰਨ ਵਿੱਚ ਐੱਸਐੱਸਪੀ ਸਨ, ਤਾਂ ਉਨ੍ਹਾਂ ਨੇ ਸਿੱਖ ਨਿਰੰਕਾਰੀ ਕੇਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਗ੍ਰਿਫ਼ਤਾਰ ਕੀਤਾ ਸੀ। ਲਾਲਪੁਰਾ ਨੇ ਕਿਹਾ ਸੀ ਕਿ ਉਸ ਨੂੰ ਵਿਦੇਸ਼ਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਗ੍ਰਹਿ ਮੰਤਰਾਲੇ ਨੇ ਇਸੇ ਆਧਾਰ ’ਤੇ ਪੰਜਾਬ ਸਰਕਾਰ ਨੂੰ ਸੁਰੱਖਿਆ ਦੇਣ ਲਈ ਲਿਖਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਘ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਆਰਐੱਸਐੱਸ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਬੇਦੀ ਨੂੰ ਵੀ ਸੁਰੱਖਿਆ ਦੇਣ ਲਈ ਕਿਹਾ ਹੈ।