Punjab

ਆਪਣੀਆਂ ਪਾਰਟੀਆਂ ਰਲਾ ਕੇ ਇਨ੍ਹਾਂ ਦੋ ਲੀਡਰਾਂ ਨੇ ਬਣਾਈ ਨਵੀਂ ਪਾਰਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਕੀਤਾ ਹੈ। ਪਾਰਟੀ ਨੇ ਬ੍ਰਹਮਪੁਰਾ ਨੂੰ ਪਾਰਟੀ ਦਾ ਸਰਪ੍ਰਸਤ ਅਤੇ ਢੀਂਡਸਾ ਨੂੰ ਪ੍ਰਧਾਨ ਥਾਪਿਆ ਹੈ। ਬ੍ਰਹਮਪੁਰਾ ਅਤੇ ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਸਮੇਂ ਕਾਂਗਰਸ, ਬਾਦਲਾਂ ਅਤੇ ਭਾਜਪਾ ਤੋਂ ਬਚਾਉਣ ਦੀ ਲੋੜ ਹੈ। ਇਸ ਲਈ ਨਵੇਂ ਅਕਾਲੀ ਦਲ ਰਾਹੀਂ ਸੂਬੇ ਦੇ ਲੋਕਾਂ ਨੂੰ ਬਦਲਵੀਂ ਸਿਆਸੀ ਸੋਚ ਅਤੇ ਸੱਚੀ-ਸੁੱਚੀ ਸਿਆਸਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਉਨ੍ਹਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰੋਨਾ ਕਾਲ ਅਤੇ ਕਿਸਾਨੀ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦੇ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੋਇਆ ਹੈ।