‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਤੀਜੀ ਮੀਟਿੰਗ ਹੋਈ ਹੈ, ਜਿਸ ਵਿੱਚ 50 ਦੇ ਕਰੀਬ ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੀਟਿੰਗ ਵਿੱਚ ਅਜੈ ਮਾਕਣ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਸ਼ਾਮਲ ਹੋਏ।
ਇਸ ਮੀਟਿੰਗ ਦੇ ਮਗਰੋਂ ਜਾਖੜ ਨੇ ਕਿਹਾ ਕਿ ਸੀਟਾਂ ਦੇ ਨਾਲ-ਨਾਲ ਕਈ ਹੋਰ ਮਾਮਲਿਆਂ ’ਤੇ ਵੀ ਚਰਚਾ ਹੋਈ ਹੈ। ਉਹਨਾਂ ਕਿਹਾ ਕਿ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦੇਣ ਸਮੇਤ ਸੀਨੀਅਰ ਆਗੂਆਂ ਨੂੰ ਮੈਦਾਨ ਵਿੱਚ ਉਤਾਰਨ ਅਤੇ ਜੇਤੂ ਉਮੀਦਵਾਰਾਂ ਵਰਗੇ ਕਈ ਪਹਿਲੂਆਂ ’ਤੇ ਚਰਚਾ ਹੋਈ ਹੈ। ਉਮੀਦਵਾਰਾਂ ਦੀ ਸੂਚੀ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਕਮੇਟੀ ਵੱਲੋਂ ਜਾਰੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ 50 ਦੇ ਕਰੀਬ ਨਾਂ ਫਾਈਨਲ ਕਰ ਦਿੱਤੇ ਗਏ ਹਨ, ਜਿਹਨਾਂ ਵਿੱਚ ਕੁੱਝ ਮੰਤਰੀ ਅਤੇ ਮੌਜੂਦਾ ਵਿਧਾਇਕਾਂ ਦੀਆਂ ਸੀਟਾਂ ਵੀ ਸ਼ਾਮਲ ਹਨ।