India Punjab

BJP ‘ਤੇ ਵਰ੍ਹਿਆ “ਆਪ ” ਦਾ ਇਹ ਮੰਤਰੀ…

This AAP minister targeted the BJP

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਮੇਂ ਭਾਰਤ ਵਿੱਚ ਵਾਪਰ ਰਹੀਆਂ ਅਣਸੁਖਾਵੀਂ ਘਟਨਾਵਾਂ ਉੱਤੇ ਇੱਕ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਚੀਮਾ ਨੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਔਰਤਾਂ ਤੇ ਆਦਿਵਾਸੀ ਲੋਕਾਂ ਉੱਤੇ ਅੱਤਿਆਚਾਰ ਹੋ ਰਿਹਾ ਹੈ। ਬੀਤੇ ਕੁਝ ਮਹੀਨਿਆਂ ਵਿੱਚ ਭਾਰਤ ਵਿੱਚ ਜੋ ਕੁਝ ਵੀ ਹੋ ਰਿਹਾ ਹੈ, ਪੀਐੱਮ ਮੋਦੀ ਉਸ ਉੱਤੇ ਕੋਈ ਵੀ ਬਿਆਨ ਦੇਣ ਤੋਂ ਭੱਜ ਰਹੇ ਹਨ। ਚੀਮਾ ਨੇ ਕਿਹਾ ਕਿ 21ਵੀਂ ਸਦੀ ਦੇ ਅੰਦਰ ਅੱਜ ਭਾਰਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਾਰਨ ਅਤੇ ਭਾਜਪਾ ਦੇ ਕਾਰਨ ਪੂਰੀ ਦੁਨੀਆ ਦੇ ਅੱਗੇ ਸ਼ਰਮਸਾਰ ਹੋਣਾ ਪੈ ਰਿਹਾ ਹੈ।

ਮਨੀਪੁਰ ਵਿੱਚ ਜੋ ਵੀ ਹੋਇਆ, ਇਹ ਬੀਜੇਪੀ ਦੇ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ 180 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਅਤੇ 300 ਤੋਂ ਵੱਧ ਜ਼ਖ਼ਮੀ ਹੋ ਗਏ ਹਨ ਪਰ ਹਾਲੇ ਤੱਕ ਕੋਈ FIR ਦਰਜ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਇਨ੍ਹਾਂ ਮਾਮਲਿਆਂ ‘ਤੇ ਆਪਣੀ ਸਾਜਿਸ਼ੀ ਚੁੱਪੀ ਤੋੜਨ ਅਤੇ ਲੋਕਾਂ ਨਾਲ ਗੱਲ ਕਰਨ ਅਤੇ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਬੰਦ ਕਰਾਉਣ।

ਹਰਿਆਣਾ ਦੇ ਨੂਹ ਹਿੰਸਾ ਮਾਮਲੇ ‘ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਹਰਿਆਣਾ ਵਿੱਚ ਵਾਪਰੀ ਘਟਨਾ ਵਿੱਚ 100 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਹਨ ਅਤੇ 6 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਚੀਮਾ ਨੇ ਕਿਹਾ ਕਿ ਭਾਜਪਾ ਵੱਲੋਂ ਇੱਕ ਸਾਜਿਸ਼ ਦੇ ਤਹਿਤ ਦੇਸ਼ ਦੇ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।