Punjab

ਕੌਮੀ ਇਨਸਾਫ਼ ਮੋਰਚਾ ‘ਚ ਇਹ ਕਿਸਾਨ ਜਥੇਬੰਦੀ ਵੀ ਹੋਵੇਗੀ ਸ਼ਾਮਿਲ

‘ਦ ਖ਼ਾਲਸ ਬਿਊਰੋ : ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਬਦੀ ਦੇ ਇਨਸਾਫ ਲਈ ਚੰਡੀਗੜ੍ਹ ਦੀ ਹੱਦ ‘ਤੇ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ। ਇਸ ਮੋਰਚੇ ਨੂੰ ਸਮਰਥਨ ਦੇਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ 4 ਫਰਵਰੀ ਨੂੰ ਵੱਡੇ ਜਥੇ ਲੈ ਕੇ ਮੋਰਚੇ ਵਿੱਚ ਸ਼ਾਮਲ ਹੋਵੇਗੀ। ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਦੇਸ਼ ਦੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖੇਗੀ।

ਅਗਲੇ ਪੜਾਅ ਵਿੱਚ ਦਿੱਲੀ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਬੁੱਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀਆਂ ਅਤੇ ਸਮਾਜਿਕ ਕਾਰਕੁੰਨਾਂ, ਜਿਨ੍ਹਾਂ ਨੂੰ ਸਿਰਫ ਇਸੇ ਲਈ ਜੇਲ੍ਹੀ ਡੱਕਿਆ ਹੈ ਕਿ ਉਹ ਸਰਕਾਰੀ ਦੀਆਂ ਸਿਆਸੀ ਨੀਤੀਆਂ ਦਾ ਵਿਰੋਧ ਕਰਦੇ ਹਨ, ਤੁਰੰਤ ਰਿਹਾਅ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਅੰਦਰ ਚੱਲ ਰਹੇ ਵੱਖ ਵੱਖ ਮੋਰਚਿਆਂ ਜਿਵੇਂ ਕਿ ਜ਼ੀਰਾ ਸ਼ਰਾਬ ਫੈਕਟਰੀ ਮੋਰਚਾ, ਕੌਮੀ ਇਨਸਾਫ ਮੋਰਚਾ, ਲਤੀਫ਼ਪੁਰਾ ਆਦਿ ਮੋਰਚਿਆਂ ਨੂੰ ਸਮਰਥਨ ਦੇਣ ਦੇ ਨਾਲ ਨਾਲ ਪਟਿਆਲਾ ਅਤੇ ਫਾਜ਼ਿਲਕਾ ਅੰਦਰ ਛੋਟੇ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਮੋਰਚੇ ਲਾ ਰੱਖੇ ਹਨ। ਉਨ੍ਹਾਂ ਕਿਹਾ ਕਿ ਅਬਾਦਕਾਰ ਕਿਸਾਨਾਂ ਦਾ ਉਜਾੜਾ ਰੋਕਣ ਅਤੇ ਉਨ੍ਹਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਗਲੇ ਦਿਨਾਂ ਵਿੱਚ ਵੱਡੇ ਪ੍ਰੋਗਰਾਮ ਉਲੀਕੇਗੀ।