‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਤਿੱਖਾ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ’ਤੇ ਅੱਜ ਸਵੇਰ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀ ਕਿਸਾਨ ਭੁੱਖ ਹੜਤਾਲ ’ਤੇ ਜਥਿਆਂ ਵਿੱਚ ਬੈਠਣਗੇ। ਪਹਿਲੇ ਜਥੇ ਵਜੋਂ 11 ਮੈਂਬਰ ਅੱਜ ਭੁੱਖ ਹੜਤਾਲ ’ਤੇ ਬੈਠੇ ਹਨ।
ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਤੋਂ ਹਨ, ਬੀਤੇ ਚਾਰ ਹਫਤਿਆਂ ਤੋਂ ਦਿੱਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਵਰਾਜ ਇੰਡੀਆ ਦੇ ਮੁਖੀ ਯੋਗਿੰਦਰ ਯਾਦਵ ਨੇ ਕੱਲ੍ਹ ਕਿਹਾ ਸੀ ਕਿ, ‘‘ ਕਿਸਾਨ ਅੱਜ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੜੀਵਾਰ ਭੁੱਖ ਹੜਤਾਲ ਆਰੰਭਣਗੇ।
ਭੁੱਖ ਹੜਤਾਲ ਸਿੰਘੂ ਬਾਰਡਰ ਸਮੇਤ ਸਾਰੀਆਂ ਪ੍ਰਦਰਸ਼ਨ ਵਾਲੀਆਂ ਵਾਲੀਆਂ ਥਾਂਵਾਂ ’ਤੇ ਕੀਤੀ ਜਾਵੇਗੀ ਅਤੇ ਇਸ ਦੀ ਸ਼ੁਰੂਆਤ ਇੱਥੋਂ 11 ਕਿਸਾਨਾਂ ਵੱਲੋਂ ਭੁੱਖ ਹੜਤਾਲ ’ਤੇ ਬੈਠ ਕੇ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਮੁਲਕ ਵਿੱਚ ਪ੍ਰਦਰਸ਼ਨ ਕਰਨ ਵਾਲਿਆਂ ਤੋਂ ਅਜਿਹਾ ਕਰਨ ਦੀ ਅਪੀਲ ਕੀਤੀ ਸੀ।’’