The Khalas Tv Blog India ਕਕਾਰ ਉਤਾਰਨ ਵਾਲੇ ਭਰਤੀ ਕਰ ਲਏ, ਜਿਨ੍ਹਾਂ ਨਹੀਂ ਉਤਾਰੇ, ਉਹ ਬਾਹਰ ਕਰ ਦਿੱਤੇ, ਬੀਬੀ ਜਗੀਰ ਕੌਰ ਭਖੀ
India Punjab

ਕਕਾਰ ਉਤਾਰਨ ਵਾਲੇ ਭਰਤੀ ਕਰ ਲਏ, ਜਿਨ੍ਹਾਂ ਨਹੀਂ ਉਤਾਰੇ, ਉਹ ਬਾਹਰ ਕਰ ਦਿੱਤੇ, ਬੀਬੀ ਜਗੀਰ ਕੌਰ ਭਖੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਫੌਜ ਦੀ ਭਰਤੀ ਦੌਰਾਨ ਫਿਜੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਸੋਸ਼ਲ ਮੀਡੀਆ ‘ਤੇ ਇੱਕ ਨੌਜਵਾਨ ਵੱਲੋਂ ਕੀਤਾ ਗਿਆ ਹੈ, ਜੋ ਫਿਰੋਜ਼ਪੁਰ ਫੌਜ ‘ਚ ਭਰਤੀ ਹੋਣ ਲਈ ਗਿਆ ਸੀ। ਨੌਜਵਾਨ ਨੇ ਦੱਸਿਆ ਕਿ ਫੌਜੀ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਆਪਣਾ-ਆਪਣਾ ਸ਼੍ਰੀ ਸਾਹਿਬ ਉਤਾਰਨ ਲਈ ਕਿਹਾ ਗਿਆ ਸੀ ਅਤੇ ਕਈ ਨੌਜਵਾਨਾਂ ਦੇ ਸ਼੍ਰੀ ਸਾਹਿਬ ਉਤਰਵਾ ਵੀ ਦਿੱਤੇ ਸਨ। ਉਸਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਕਕਾਰ ਉਤਾਰਨ ਤੋਂ ਮਨ੍ਹਾ ਕੀਤਾ, ਉਨ੍ਹਾਂ ਨੂੰ ਭਰਤੀ ਤੋਂ ਬਾਹਰ ਕੱਢਿਆ ਗਿਆ।

SGPC ਨੇ ਘਟਨਾ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨਾ ਘਿਨਾਉਣੀ ਹਰਕਤ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ-ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿੱਚ ਭਰਤੀ ਸਮੇਂ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਫ਼ੌਜ ਅੰਦਰ ਬਹੁਤ ਸਾਰੇ ਅੰਮ੍ਰਿਤਧਾਰੀ ਨੌਜਵਾਨ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਿੱਖ ਨੌਜਵਾਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਜਿਨ੍ਹਾਂ ਨੇ ਧਰਮਾਂ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ, ਉਸ ਸਮੇਂ ਭਰਤੀ ਦੌਰਾਨ ਫ਼ੌਜੀ ਅਫ਼ਸਰਾਂ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ।

ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਬੰਧਿਤ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਗੇ ਤੋਂ ਫ਼ੌਜੀ ਅਫ਼ਸਰਾਂ ਨੂੰ ਹਦਾਇਤ ਦਿੱਤੀ ਜਾਵੇ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੇ।

Exit mobile version