India Punjab

ਬਠਿੰਡਾ ਬੱਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਹੋਈ ਪਹਿਚਾਣ, PMO ਵਲੋਂ ਮ੍ਰਿਤਕਾਂ ਨੂੰ 2 ਲੱਖ, ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਦੋਂ ਹੀ ਸਾਹਮਣੇ ਤੋਂ ਇਕ ਵੱਡੀ ਟਰਾਲੀ ਆਈ। ਇਸ ਤੋਂ ਬਚਣ ਲਈ ਬੱਸ ਨੇ ਮੋੜ ਲੈ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਦੂਜੇ ਪਾਸੇ ਇੱਕ ਅਪਾਹਜ ਵਿਅਕਤੀ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ, ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੁਲੀਸ ਅਨੁਸਾਰ ਨਿਊ ​​ਗੁਰੂ ਕਾਸ਼ੀ ਟਰਾਂਸਪੋਰਟ ਦੀ ਬੱਸ ਸਵਾਰੀਆਂ ਲੈ ਕੇ ਬਠਿੰਡਾ ਵੱਲ ਜਾ ਰਹੀ ਸੀ। ਪਿੰਡ ਜੀਵਨ ਸਿੰਘ ਵਾਲਾ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਵਿੱਚ ਰੌਲਾ ਪੈ ਗਿਆ। ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ।