‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲਦੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨਾਲ ਇੱਕ ਖਾਸ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਵੱਡੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਬੈਠਕ ਵਿੱਚ 25 ਵਿਧਾਇਕ ਅਤੇ ਮੰਤਰੀ ਵੀ ਪਹੁੰਚੇ ਹਨ, ਜਿਨ੍ਹਾਂ ਨੇ ਆਪਣਾ-ਆਪਣਾ ਪੱਖ ਕਮੇਟੀ ਅੱਗੇ ਰੱਖਿਆ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰੀ ਕਾਂਗਰਸੀ ਲੀਡਰਾਂ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ।
ਸੁਨੀਲ ਜਾਖੜ ਨੇ ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਸੀਬੀਆਈ ਦੀ ਇਨਕੁਆਇਰੀ ਮੰਗਣ ਵਾਲੇ ਹੁਣ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਆਪਦਾ ਵਿੱਚ ਅਵਸਰ ਲੱਭਣ ਵਾਲੇ ਬੇਨਕਾਬ ਹੋ ਗਏ ਹਨ। ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਵੀ ਸਾਹਮਣੇ ਆ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਲ ਮੱਥਾ ਲਾਉਣ ਵਾਲੇ ਨਹੀਂ ਬਚਣਗੇ। ਉਨ੍ਹਾਂ ਕਿਹਾ ਕਿ ਵਿਚਾਰ ਵੱਖ ਹੋ ਸਕਦੇ ਹਨ ਪਰ ਕਾਂਗਰਸ ਪਾਰਟੀ ਇੱਕ ਹੈ।