Punjab

ਕੁਰਬਾਨੀ ਦੇਣ ਦੀ ਗੱਲ ਕਰਨ ਵਾਲੇ ਅੱਜ ਕਚਹਿਰੀ ਵਿੱਚ ਜਾਣ ਤੋਂ ਡਰ ਰਹੇ ਨੇ : CM ਮਾਨ

Those who talk about sacrifice are afraid to go to court today: CM Mann

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਦਾਖਲ ਚਾਰਜਸ਼ੀਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਨੂੰ ਘੇਰਿਆ ਹੈ।

CM ਮਾਨ ਨੇ ਕਿਹਾ ਕਿ ਕੁਰਬਾਨੀ ਦੇਣ ਦੀ ਗੱਲ ਕਹਿਣ ਵਾਲੇ ਅੱਜ ਕਚਹਿਰੀ ਵਿੱਚ ਜਾਣ ਤੋਂ ਡਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ। ਮਾਨ ਨੇ ਕਿਹਾ ਕਿ ਹਾਈ ਕੋਰਟ ਦੇ ਵੱਲੋਂ ਬਣਾਈ SIT ਨੇ ਇਸ ਮਾਮਲੇ ਨੂੰ ਲਾ ਕੇ ਚਲਾਣ ਪੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਇੰਨਸਾਫ ਮਿਲਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਵਲੂੰਦਰੇ ਹੋਏ ਦਿਲਾਂ ਨੂੰ ਸ਼ਾਂਤੀ ਮਿਲੇ।

ਇਸਦੇ ਨਾਲ ਮੁੱਖ ਮੰਤਰੀ ਮਾਨ ਨੇ ਕਾਂਗਰਸ ਲੀਡਰਾਂ ਦੇ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਈ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਦੀ , ਜਿਸ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ ਹੈ ਉਹ ਬਖ਼ਸ਼ੇ ਨਹੀਂ ਜਾਣਗੇ। ਮਾਨ ਨੇ ਕਿਹਾ ਕਿ ਜੇਕਰ ਕਾਂਗਰਸੀ ਸਹੀ ਅਤੇ ਨਿਰਦੋਸ਼ ਹੋਣਗੇ ਤਾਂ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਦਾਲਤ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਦਲਬੀਰ ਗੋਲਡੀ ਸਹੀ ਹੈ ਤਾਂ ਉਸਨੂੰ ਵਿਜੀਲੈਂਸ ਦਫ਼ਤਰ ਜਾਣ ਤੋਂ ਕੀ ਹਰਜ਼ ਹੈ।

ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਗ੍ਰਿਫਤਾਰੀ ਤੋਂ ਬਚਣ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਦਾ ਰੁਖ ਕੀਤਾ ਸੀ। ਦੋਵਾਂ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਦਾਲਤ ਵਿੱਚ ਦਾਖਲ ਕੀਤੀ ਸੀ । ਜਿਸ ਵਿੱਚ ਲੰਘੇ ਕੱਲ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Former Chief Minister Parkash Singh Badal ) ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ ਜਦਕਿ ਸੁਖਬੀਰ ਸਿੰਘ ਬਾਦਲ ( Sukhbir Singh Badal ) ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ ਸੀ।

24 ਫਵਰਰੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ । ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਸੀ। ਚਲਾਨ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ,ਸਾਬਕਾ ਡੀਜੀਪੀ ਸੁਮੇਧ ਸੈਣੀ,ਆਈਜੀ ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਤੇ ਹੋਰ ਕਈ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਐਲ ਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਨੇ ਕੋਟਕਪੂਰਾ ਮਾਮਲੇ ਦੀ ਜਾਂਚ ਕੀਤੀ ਸੀ । ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।