India Punjab

ਸਾਬਕਾ ਕਾਂਗਰਸੀ ਮੰਤਰੀ ਨੇ ਦਿੱਤੀਆਂ ਕਿਸਾਨ ਲੀਡਰਾਂ ਨੂੰ ਧਮਕੀਆਂ

‘ਦ ਖ਼ਾਲਸ ਟੀਵੀ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਜੱਥੇਬੰਦੀ ਦੇ ਬਲਾਕ ਭਗਤਾ ਦੇ ਆਗੂ ਜਸਪਾਲ ਸਿੰਘ ਕੋਠਾ ਗੁਰੂ ਨੂੰ ਕਥਿਤ ਧਮਕੀਆਂ ਦੇਣ ਅਤੇ ਔਰਤਾਂ ਨੂੰ ਕਥਿਤ ਤੌਰ ਤੇ ਧੱਕੇ ਮਾਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਮਜਦੂਰਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਧਮਕੀਆਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਇਕ ਮਹੀਨੇ ਤੋਂ ਲਗਾਤਾਰ ਸੰਘਰਸ਼ ਵਿੰਢਿਆ ਹੈ, ਪਰ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਤੇ ਚੁੱਪ ਵੱਟੀ ਹੋਈ ਹੈ ਜਿਸ ਨੂੰ ਤੋੜਨ ਅਤੇ ਫਸਲਾਂ ਦੇ ਖਰਾਬੇ ਦਾ ਪੂਰਾ ਮੁਆਵਜਾ ਲੈਣ ਲਈ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ ।

ਉਨ੍ਹਾਂ ਦੱਸਿਆ ਕਿ ਅੱਜ ਜਦੋਂ ਪਿੰਡ ਗੁਰੂਸਰ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦਾ ਵਿਰੋਧ ਕਰ ਲਈ ਜਸਪਾਲ ਸਿੰਘ ਕੋਠਾ ਗੁਰੂ ਦੀ ਅਗਵਾਈ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਪਹੁੰਚੇ ਅਤੇ ਉਨ੍ਹਾਂ ਨੇ ਮੁਆਵਜੇ ਸਬੰਧੀ ਵਿਧਾਇਕ ਨੂੰ ਸਵਾਲ ਕੀਤੇ ਪਰ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕਿਸਾਨਾਂ ਦੀ ਪੂਰੀ ਗੱਲ ਸੁਣਨ ਦੀ ਬਜਾਏ ਉੱਥੇ ਸ਼ਾਮਲ ਔਰਤਾਂ ਨੂੰ ਆਪਣੇ ਸੁਰੱਖਿਆ ਮੁਲਾਜਮ ਰਾਹੀਂ ਧੱਕੇ ਮਾਰੇ ਅਤੇ ਖੁਦ ਨੇ ਜਸਪਾਲ ਸਿੰਘ ਕੋਠਾ ਗੁਰੂ ਨੂੰ ਸਿੱਧਾ ਦੇਖਣ ਦੀ ਧਮਕੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅਜਿਹੇ ਧੱਕੜ ਆਗੂਆਂ ਦੀਆਂ ਧਮਕੀਆਂ ਦੀ ਪਰਵਾਹ ਨਾ ਕਰਦਿਆਂ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਫਸਲਾਂ ਦੇ ਪੂਰੇ ਮੁਆਵਜ਼ੇ ਲੈਣ ਤੱਕ ਸੰਘਰਸ਼ ਜਾਰੀ ਰਹੇਗਾ ।