Punjab

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨਾ ਰੋਜਾ ਜੋੜ ਮੇਲਾ ਸ਼ੁਰੂ

‘ਦ ਖਾਲਸ ਬਿਉਰੋ:ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜਾ ਜੋੜ ਮੇਲਾ ਅੱਜ ਤੋਂ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਲਾਏ ਗਏ ਹਨ। ਪ੍ਰਸ਼ਾਸਨ ਵੱਲੋਂ ਆਵਾਜਾਈ ਸਹੀ ਰੱਖਣ ਲਈ ਬਹੁਤ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਅੱਜ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮੂਹਿਕ ਅਖੰਡ ਪਾਠ ਆਰੰਭ ਹੋਣਗੇ, ਜਿਹਨਾਂ ਦੇ ਭੋਗ 27 ਦਸੰਬਰ ਨੂੰ ਪੈਣਗੇ।

ਇਸ ਦੌਰਾਨ ਅੱਜ ਤੋਂ 28 ਦਸੰਬਰ ਤੱਕ ਦਿਨ-ਰਾਤ ਦੀਵਾਨ ਸਜਣਗੇ ਅਤੇ ਐਤਵਾਰ ਰਾਤ ਨੂੰ 9 ਵਜੇ ਤੋਂ ਵਿਸ਼ੇਸ਼ ਕਵੀ ਦਰਬਾਰ ਵੀ ਹੋਵੇਗਾ। 27 ਦਸੰਬਰ ਦੀ ਸਵੇਰੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਕਿ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸੇ ਦਿਨ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਵਿਖੇ ਅਮ੍ਰਿਤ ਸੰਚਾਰ ਹੋਵੇਗਾ। ਇਸ ਤੋਂ ਇਲਾਵਾ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ 28 ਦਸੰਬਰ ਨੂੰ ਪੁਰਾਤਨ ਰਵਾਇਤ ਅਨੁਸਾਰ ਖਾਲਸਾਈ ਮਹੱਲਾ ਵੀ ਕੱਢਿਆ ਜਾਵੇਗਾ।