‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਲਈ ਤਿੰਨ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਕੀਤੇ ਹਨ, ਜਿਨ੍ਹਾਂ ਨੇ ਅੱਜ ਸੇਵਾ ਸੰਭਾਲੀ ਹੈ। ਇਸ ਲਈ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਪੰਥਕ ਮਰਿਆਦਾ ਅਨੁਸਾਰ ਸੇਵਾ ਸੌਂਪੀ ਗਈ। ਤਿੰਨੇ ਗ੍ਰੰਥੀ ਸਿੰਘ ਸਾਹਿਬਾਨਾਂ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਅਤੇ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਦੇ ਨਾਮ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤੇ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।
ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨਾਂ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ।
ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਤਿੰਨੇ ਗ੍ਰੰਥੀ ਸਿੰਘ ਸਾਹਿਬਾਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਾਹਿਬਾਨਾਂ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਜਗਤ ਦਾ ਕੇਂਦਰੀ ਅਸਥਾਨ ਹੈ ਅਤੇ ਇੱਥੋਂ ਦੇ ਗ੍ਰੰਥੀ ਸਿੰਘ ਸਾਹਿਬਾਨ ਸਿੱਖ ਜਗਤ ਲਈ ਸਤਿਕਾਰਤ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਅੱਜ ਤੱਕ ਇਸ ਪਾਵਨ ਅਸਥਾਨ ’ਤੇ ਵੱਖ-ਵੱਖ ਸਖਸ਼ੀਅਤਾਂ ਸੇਵਾ ਨਿਭਾਉਂਦੀਆਂ ਰਹੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੂੰ ਮੁਬਾਰਕ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿੰਨੇ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਯਾਦਾ ਦੀ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ।
Comments are closed.