ਅੰਮ੍ਰਿਤਸਰ : ਆਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਦੋਂਕਿ ਬੀਤੇ ਦਿਨ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਸਮੇਤ ਚਾਚਾ ਸੁਖਚੈਨ ਸਿੰਘ ਅਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਬਠਿੰਡਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਹ ਚੇਤਨਾ ਮਾਰਚ ਕੱਢਿਆ ਜਾਣਾ ਹੈ। ਪ੍ਰਸ਼ਾਸਨ ਵੱਲੋਂ ਇਸ ਮਾਰਚ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪਰ ਕੱਲ੍ਹ ਮਾਤਾ ਅੰਮ੍ਰਿਤਪਾਲ ਦੇ ਸਮਰਥਕਾਂ ਨਾਲ ਮਾਰਚ ਕੱਢਣ ਲਈ ਬਠਿੰਡਾ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਂ, ਚਾਚਾ ਅਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਫੜ ਕੇ 4 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ ਅਤੇ ਚੋਣ ਜ਼ਾਬਤਾ ਲਾਗੂ ਹੈ। ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਅਤੇ ਚਾਰ ਸਾਥੀਆਂ ‘ਤੇ ਪ੍ਰੀਵੈਨਸ਼ਨ ਐਕਟ ਲਗਾ ਕੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਅੰਮ੍ਰਿਤਪਾਲ ਸਿੰਘ ਆਪਣੇ 9 ਸਾਥੀਆਂ ਸਮੇਤ ਪਿਛਲੇ ਸਾਲ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਹਿਰਾਸਤ ‘ਚ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ | ਜਥੇਦਾਰ ਸਾਹਿਬ ਨੇ ਕਿਹਾ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਜਥੇਦਾਰ ਨੇ ਕਿਹਾ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਸਰਕਾਰ ਵਲੋਂ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਨ ਦੇ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰਾਂ ਵਲੋੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ ਭਲ੍ਹਕੇ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਸਰਕਾਰ ਵਲੋਂ ਵਰਤੇ ਜਾ ਰਹੇ ਹਥਕੰਡੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਦੇ ਹਿਤ ਵਿਚ ਨਹੀਂ ਹਨ।
ਅਜਨਾਲਾ ਥਾਣੇ ‘ਤੇ ਹਮਲੇ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਫੜੇ ਜਾਣ ਤੋਂ ਬਾਅਦ ਸਾਰਿਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।