Khetibadi Punjab

ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਦੇ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ

ਬਿਉਰੋ ਰਿਪੋਰਟ – ਨਰਮੇ ‘ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਾਅਦ ਹੁਣ ਖੇਤੀਬਾੜੀ ਵਿਭਾਗ ਅਲਰਟ ਹੋ ਗਿਆ ਹੈ । ਫਸਲ ਨੂੰ ਕੀਟਾਂ ਤੋਂ ਬਚਾਉਣ ਦੇ ਲਈ ਪੰਜਾਬ ਖੇਤੀਬਾੜੀ ਵਿਭਾਗ ਨੇ 128 ਨਿਗਰਾਨੀ ਟੀਮਾਂ ਦਾ ਗਠਨ ਕੀਤਾ ਹੈ । ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਇਸ ਟੀਮ ਦੀ ਅਗਵਾਈ ਕਰਨਗੇ ਜੋ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ । ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਫਸਲੀ ਵਿਭਿੰਨਤਾ ਯੋਜਨਾ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ। ਨਿਯਮਾਂ ਮੁਤਾਬਿਕ ਇਨ੍ਹਾਂ ਪ੍ਰਦਰਸ਼ਨੀਆਂ ਲਈ ਕਿਸਾਨਾਂ ਨੂੰ ਲਾਭ ਵੀ ਦਿੱਤੇ ਜਾਣਗੇ।