ਅੱਜ ਦੁਨੀਆ ਭਰ ਵਿੱਚ ਆਲਮੀ ਮਾਂ ਬੋਲੀ ਦਿਵਸ ਮਨਾਇਆ ਗਿਆ। ਵਿਸ਼ਵ ਭਰ ਵਿੱਚ ਇਸ ਦਿਨ ਦੀ ਬੜੀ ਮਹਾਨਤਾ ਹੈ। ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ।
ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ ਕੀਤੀ ਜਾਵੇਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਵਿਭਾਗ ਮੁਤਾਬਕ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਕਿਹਾ ਹੈ ਕਿ 21 ਫਰਵਰੀ ਤੋਂ ਬਾਅਦ ਜੋ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਨਵੰਬਰ 2021 ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਬਿੱਲ 2021 ਪਾਸ ਹੋ ਚੁੱਕਾ ਹੈ। ਬਿੱਲ ਦੇ ਅਨੁਸਾਰ, 21 ਫਰਵਰੀ ਤੋਂ ਬਾਅਦ, ਉਲੰਘਣਾ ਕਰਨ ਵਾਲਿਆਂ ਨੂੰ ਸਭ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਾਰਨ ਦੱਸੋ ਨੋਟਿਸ ਤੋਂ ਬਾਅਦ ਪਹਿਲੀ ਵਾਰ 500 ਰੁਪਏ, ਦੂਜੀ ਵਾਰ 2,000 ਰੁਪਏ ਅਤੇ ਤੀਜੀ ਵਾਰ 5,000 ਰੁਪਏ ਤੱਕ ਦਾ ਜੁਰਮਾਨਾ ਹੋਵੇਗਾ। ਇਹ ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਸਬੰਧੀ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ।
ਦੱਸ ਦੇਈਏ ਕਿ 19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ। ਇਸ ਮਗਰੋਂ 5 ਦਸੰਬਰ 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ।